ਹਾਦਸੇ ’ਚ ਨੌਜਵਾਨ ਦੀ ਮੌਤ, ਔਰਤ ਗੰਭੀਰ ਜ਼ਖ਼ਮੀ
ਟੱਕਰ ਮਾਰਨ ਤੋਂ ਬਾਅਦ
Publish Date: Sat, 16 May 2026 12:45 AM (IST)
Updated Date: Sat, 16 May 2026 12:45 AM (IST)
ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਕਾਰ ਸਮੇਤ ਫਰਾਰ
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ
ਕਿਸ਼ਨਗੜ੍ਹ-ਕਰਤਾਰਪੁਰ ਰੋਡ 'ਤੇ ਸ਼ੁੱਕਰਵਾਰ ਨੂੰ ਇਕ ਅਣਪਛਾਤੀ ਤੇਜ਼ ਰਫ਼ਤਾਰ ਕਾਰ ਨੇ ਕਿਸ਼ਨਗੜ੍ਹ ਨਹਿਰ ਦੇ ਨੇੜੇ ਮੋਟਰਸਾਈਕਲ ਤੇ ਦੋ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ ਤੇ ਔਰਤ ਗੰਭੀਰ ਜ਼ਖਮੀ ਹੋ ਗਈ। ਹਾਦਸਾ ਨਹਿਰ ਦੇ ਨੇੜੇ ਵਾਪਰਿਆ। ਟੱਕਰ ਤੋਂ ਬਾਅਦ ਕਾਰ ਚਾਲਕ ਭੱਜ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਨਗੜ੍ਹ-ਕਰਤਾਰਪੁਰ ਰੋਡ 'ਤੇ ਇਕ ਆਦਮੀ ਤੇ ਔਰਤ ਮੋਟਰਸਾਈਕਲ 'ਤੇ ਜਾ ਰਹੇ ਸਨ। ਜਿਵੇਂ ਹੀ ਉਹ ਕਿਸ਼ਨਗੜ੍ਹ ਨਹਿਰ ਨੇੜੇ ਪਹੁੰਚੇ ਤਾਂ ਉਲਟ ਦਿਸ਼ਾ ਤੋਂ ਆ ਰਹੀ ਇਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸੜਕ ’ਤੇ ਡਿੱਗ ਤੇ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਅਣਪਛਾਤਾ ਕਾਰ ਚਾਲਕ ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੋਂ ਭੱਜ ਗਿਆ।
ਹਾਦਸੇ ਦੀ ਆਵਾਜ਼ ਸੁਣ ਕੇ ਰਾਹਗੀਰ ਤੇ ਸਥਾਨਕ ਲੋਕ ਮੌਕੇ 'ਤੇ ਇਕੱਠੇ ਹੋ ਗਏ ਤੇ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਤੇ ਨਾਲ ਬੈਠੀ ਔਰਤ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਚਸ਼ਮਦੀਦਾਂ ਅਨੁਸਾਰ, ਔਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੌਰਾਨ, ਪੁਲਿਸ ਦੇ ਆਉਣ ਤੱਕ ਮ੍ਰਿਤਕ ਦੀ ਲਾਸ਼ ਨੂੰ ਮੌਕੇ 'ਤੇ ਸੁਰੱਖਿਅਤ ਰੱਖਿਆ ਗਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਕਿਸ਼ਨਗੜ੍ਹ ਪੁਲਿਸ ਚੌਕੀ ਤੋਂ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ, ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਕਿਸ਼ਨਗੜ੍ਹ ਚੌਕੀ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੀ ਕਾਰ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।