ਸੀਟੀਪੀ 24 - ਮੀਟਿੰਗ ਦੌਰਾਨ ਮੌਜੂਦ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ, ਡੀਸੀ ਵਰਿੰਦਰ ਕੁਮਾਰ ਸ਼ਰਮਾ, ਏਡੀਸੀ ਜਸਬੀਰ ਸਿੰਘ ਤੇ ਸਹਾਇਕ ਕਮਿਸ਼ਨਰ ਵਰਜੀਤ ਵਾਲੀਆ।

ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪਰਾਲੀ ਸਾੜਨ ਨਾਲ ਕਈ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ ਜੋ ਮਨੁੱਖੀ ਸਿਹਤ ਤੇ ਵਾਤਾਵਰਣ ਲਈ ਬਹੁਤ ਹਾਨੀਕਾਰਕ ਹਨ। ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੀ ਸਾਂਭ-ਸੰਭਾਲ ਲਈ ਵੱਡੀਆਂ ਰਿਆਇਤਾਂ 'ਤੇ ਅਤਿ ਆਧੁਨਿਕ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਫ਼ ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦੇ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ।

ਮੀਟਿੰਗ ਦੌਰਾਨ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪੰਦੂਸ਼ਣ ਕੰਟਰੋਲ ਬੋਰਡ , ਸਹਿਕਾਰੀ ਸੁਸਾਇਟੀਆਂ, ਪੇਂਡੂ ਵਿਕਾਸ ਤੇ ਪੰਚਾਇਤ , ਸਿੱਖਿਆ ਅਤੇ ਹੋਰ ਵਿਭਾਗਾਂ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਮੇਲਿਆਂ, ਜਾਗਰੂਕਤਾ ਰੈਲੀਆਂ, ਜਨਤਕ ਮੀਟਿੰਗਾਂ, ਸੈਮੀਨਾਰਾਂ, ਜਨਤਕ ਅਨਾਊਂਸਮੈਂਟਾਂ, ਅਤਿ ਆਧੁਨਿਕ ਪ੍ਰਚਾਰ ਵੈਨਾਂ, ਅਗਾਂਹ ਵਧੂ ਕਿਸਾਨਾਂ ਦਾ ਸਨਮਾਨ ਜਿਨ੍ਹਾਂ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਛੱÎਡਿਆ, ਪੈਂਫਲੇਟ ਅਤੇ ਪੋਸਟਰਾਂ ਦੀ ਵੰਡ ਅਤੇ ਹੋਰ ਦੂਜੇ ਢੰਗ ਤਰੀਕਿਆਂ ਰਾਹੀਂ ਜਾਗਰੂਕ ਕਰਨ ਲਈ ਮੁਹਿੰਮਾਂ ਚਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਪਰਾਲੀ ਸਾੜਨ ਦੇ 58 ਮਾਮਲੇ ਸਾਹਮਣੇ ਆਏ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਪ੍ਰਮੁੱਖ ਸਕੱਤਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਘਟਾਉਣ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਇਸ 'ਚ ਅਧਿਕਾਰੀਆਂ ਦੀ ਸਖ਼ਤ ਮਿਹਨਤ ਦੀ ਅਹਿਮ ਭੂਮਿਕਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਰਾਹੁਲ ਸਿੰਧੂ, ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜ਼ਰ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਕੁਲਦੀਪ ਸਿੰਘ, ਖੇਤੀਬਾੜੀ ਅਫ਼ਸਰ ਡਾ. ਨਰੇਸ਼ ਗੁਲਾਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਗਜ਼ੈਕਟਿਵ ਇੰਜੀਨੀਅਰ ਅਰੁਣ ਕੱਕੜ ਤੇ ਹੋਰ ਵੀ ਹਾਜ਼ਰ ਸਨ।