ਬੈਲਟ ਬਾਕਸਾਂ ਨੂੰ ਸਖ਼ਤ ਸੁਰੱਖਿਆ ਹੇਠ ਰੱਖਿਆ : ਚੋਣ ਆਬਜ਼ਰਵਰ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ, ਚੋਣ ਆਬਜਰਕਰ ਵੱਲੋਂ ਕੁਲੈਕਸ਼ਨ ਸੈਂਟਰਾਂ ਦਾ ਜਾਇਜ਼ਾ
Publish Date: Sun, 14 Dec 2025 08:37 PM (IST)
Updated Date: Mon, 15 Dec 2025 04:09 AM (IST)

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਚੋਣ ਆਬਜ਼ਰਵਰ ਵੱਲੋਂ ਕੁਲੈਕਸ਼ਨ ਸੈਂਟਰਾਂ ਦਾ ਜਾਇਜ਼ਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਣ ਉਪਰੰਤ ਦੁਆਬਾ ਕਾਲਜ ਜਲੰਧਰ ਵਿਖੇ ਬੈਲਟ ਬਾਕਸਾਂ ਨੂੰ ਰੱਖਣ ਲਈ ਬਣਾਏ ਗਏ ਕੁਲੈਕਸ਼ਨ ਸੈਂਟਰ ਦਾ ਚੋਣ ਆਬਜ਼ਰਵਰ ਨਯਨ ਵੱਲੋਂ ਨਿਰਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਨਯਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਤੇ ਸਮੁੱਚੇ ਚੋਣ ਅਮਲੇ ਦੇ ਵੱਡਮੁੱਲੇ ਸਹਿਯੋਗ ਸਦਕਾ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ 21 ਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਲਈ ਬਣਾਏ ਗਏ 1209 ਪੋਲਿੰਗ ਬੂਥਾਂ ’ਤੇ ਵੋਟਾਂ ਪਾਉਣ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਤੋਂ ਬਾਅਦ ਬੈਲਟ ਬਾਕਸਾਂ ਨੂੰ ਦੁਆਬਾ ਕਾਲਜ ਜਲੰਧਰ ਵਿਖੇ ਬਣਾਏ ਗਏ ਕੁਲੈਕਸ਼ਨ ਸੈਂਟਰ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੈਲਟ ਬਾਕਸਾਂ ਦੀ 24 ਘੰਟੇ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਾਏ ਗਏ ਹਨ ਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਪਈਆਂ ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹਾ ਪ੍ਰੀਸ਼ਦ ਦੇ ਪੰਚਾਇਤ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੀ ਸੁਚੱਜੇ ਢੰਗ ਨਾਲ ਗਿਣਤੀ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਅਮਲੇ ਨੂੰ ਹਦਾਇਤ ਕੀਤੀ ਕਿ ਬੈਲਟ ਬਾਕਸਾਂ ਦੀ ਪੂਰੀ ਮੁਸ਼ਤੈਦੀ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਤੇ ਇਸ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।