- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ-2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿੱਚ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐੱਸਡੀਈ) ਅਗਮਜੋਤ ਸਿੰਘ ਨੂੰ 1.25 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਪਹਿਲੀ ਕਿਸ਼ਤ ਵਜੋਂ 30 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ-2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਦੇ ਅਧੀਨ ਕੀਤਾ ਗਿਆ ਸੀ। ਅਗਮਜੋਤ ਸਿੰਘ ਦਾ ਤਬਾਦਲਾ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿੱਚ ਹੋਇਆ ਸੀ। ਸ਼ਿਕਾਇਤਕਰਤਾ ਦਾ ਘਰ ਨਵੀਂ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਹੋਣ ਕਾਰਨ ਉਸ ਨੇ ਆਪਣਾ ਤਬਾਦਲਾ ਰੱਦ ਜਾਂ ਰੋਕਣ ਲਈ ਅਗਮਜੋਤ ਸਿੰਘ ਨੂੰ ਮੌਖਿਕ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਮੁਲਾਜ਼ਮ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸ ਨੂੰ ਦੱਸਿਆ ਕਿ ਅਗਮਜੋਤ ਸਿੰਘ ਵੱਲੋਂ ਤਬਾਦਲਾ ਰੋਕਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਬਾਅਦ ਵਿੱਚ ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ। ਇਸ ਦੌਰਾਨ ਉਸ ਨੇ ਤਬਾਦਲਾ ਰੋਕਣ ਲਈ 1.25 ਲੱਖ ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦੇਣੇ ਤੈਅ ਹੋਏ ਸਨ। ਬੁਲਾਰੇ ਮੁਤਾਬਕ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਅਮਰਿੰਦਰ ਸਿੰਘ ਨੇ ਆਪਣੇ ਮੋਬਾਈਲ ਫੋਨ ਵਿੱਚ ਰਿਕਾਰਡ ਵੀ ਕਰ ਲਿਆ ਸੀ । ਰਿਸ਼ਵਤ ਦੇਣ ਤੋਂ ਇਨਕਾਰ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਬ-ਡਿਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਹੈ। ਮੁਲਜ਼ਮ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।