ਐੱਸਐੱਸਆਰ ਦੇ ਵਿਸ਼ੇਸ਼ ਕੈਂਪਾਂ ਦੌਰਾਨ 1,874 ਫਾਰਮ ਪ੍ਰਾਪਤ ਹੋਏ ਐੱਸ.ਐੱਸ.ਆਰ.-2026 ਤਹਿਤ ਕਪੂਰਥਲਾ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ 1,874 ਫਾਰਮ ਪ੍ਰਾਪਤ
Publish Date: Sat, 24 Oct 2026 08:59 PM (IST)
Updated Date: Sat, 24 Oct 2026 09:01 PM (IST)
--ਪੋਲਿੰਗ ਬੂਥਾਂ ’ਤੇ ਫਾਰਮ-6 ਦੇ 1,091, ਫਾਰਮ-7 ਦੇ 178 ਤੇ ਫਾਰਮ-8 ਦੇ 575 ਫਾਰਮ ਪ੍ਰਾਪਤ ਹੋਏ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ-2026 ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਕੁੱਲ 1,874 ਫਾਰਮ ਪ੍ਰਾਪਤ ਹੋਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਹ ਕੈਂਪ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਗਏ ਸਨ, ਤਾਂ ਜੋ ਯੋਗ ਵੋਟਰਾਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਕੈਂਪਾਂ ਦੌਰਾਨ ਪ੍ਰਾਪਤ ਹੋਏ ਫਾਰਮਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ-6 ਦੇ 1,091, ਨਾਮ ਕਟਵਾਉਣ ਜਾਂ ਕਿਸੇ ਨਾਮ ਨੂੰ ਸ਼ਾਮਲ ਕਰਨ ਸਬੰਧੀ ਇਤਰਾਜ਼ ਦਰਜ ਕਰਵਾਉਣ ਲਈ ਫਾਰਮ-7 ਦੇ 178 ਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ, ਰਿਹਾਇਸ਼ ਬਦਲਣ ਤੇ ਹੋਰ ਸਬੰਧਤ ਚੋਣ ਸੇਵਾਵਾਂ ਲਈ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਫਾਰਮ-8 ਦੇ 575 ਫਾਰਮ ਪ੍ਰਾਪਤ ਹੋਏ। ਇਹ ਕੈਂਪ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਗਏ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਅੰਤਿਮ ਵੋਟਰ ਸੂਚੀਆਂ ਸਮੇਤ ਮੌਜੂਦ ਰਹੇ ਤੇ ਨਾਗਰਿਕਾਂ ਨੂੰ ਵੋਟਰ ਸੂਚੀਆਂ ਵਿੱਚ ਆਪਣੇ ਨਾਮ ਦੀ ਜਾਂਚ ਕਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਨੇ ਵੋਟਰ ਸੂਚੀਆਂ ਵਿੱਚੋਂ ਨਾਮ ਗਾਇਬ ਹੋਣ ਵਾਲੇ ਯੋਗ ਨਾਗਰਿਕਾਂ ਤੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਨੌਜਵਾਨਾਂ ਨੂੰ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਨਾਗਰਿਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਤੇ ਵੋਟਰ ਸੂਚੀਆਂ ਵਿੱਚ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਵੇਰਵਿਆਂ ਵਿੱਚ ਸੋਧ ਕਰਵਾਉਣ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ।