ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਨੌਜਵਾਨ ਕਾਬੂ, ਮਾਮਲਾ ਦਰਜ
ਮੋਟਰ ਸਾਈਕਲ ਸਵਾਰ 2 ਨੌਜਵਾਨਾਂ ਨੂੰ ਕੀਤਾ ਕਾਬੂ
Publish Date: Wed, 04 Feb 2026 08:58 PM (IST)
Updated Date: Thu, 05 Feb 2026 04:14 AM (IST)

ਕੈਪਸ਼ਨ: 4ਕੇਪੀਟੀ38 ਕਾਬੂ ਕੀਤੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ ਥਾਣਾ ਢਿੱਲਵਾਂ ਦੀ ਪੁਲਿਸ ਟੀਮ। ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਕਸਬਾ ਢਿੱਲਵਾਂ ’ਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਤੋਂ ਨਸ਼ੀਲਾ ਪਦਾਰਥ ਬਰਾਮਦ ਕਰ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਥਾਣਾ ਢਿੱਲਵਾਂ ਦੇ ਇੰਚਾਰਜ ਦਲਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਗੁਰਦੀਪ ਸਿੰਘ ਆਪਣੀ ਟੀਮ ਨਾਲ ਸ਼ਾਮ ਸਮੇਂ ਹਾਈਟੈਕ ਨਾਕਾ ਢਿੱਲਵਾਂ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਪੁਲਿਸ ਨੇ ਉਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁੱਛਗਿਛ ਦੌਰਾਨ ਮੋਟਰਸਾਈਕਲ ਚਾਲਕ ਨੇ ਆਪਣੀ ਪਛਾਣ ਮੰਗਲ ਸਿੰਘ ਉਰਫ ਗੋਬਿੰਦ ਸਿੰਘ ਵਾਸੀ ਮਾਨੋਚਾਹਲ ਕਲਾਂ ਤੇ ਪਿੱਛੇ ਬੈਠੇ ਨੌਜਵਾਨ ਨੇ ਆਪਣੀ ਪਛਾਣ ਜਗਨਦੀਪ ਨਿਵਾਸੀ ਨੂਰਪੁਰ ਵਜੋਂ ਦੱਸੀ। ਇਸ ਵਿਚ ਪਿੱਛੇ ਬੈਠੇ ਨੌਜਵਾਨ ਨੇ ਅਚਾਨਕ ਮੋਟਰਸਾਈਕਲ ਤੋਂ ਉਤਰ ਕੇ ਨਾਲ ਦੇ ਇਕ ਦਰਖਤ ਦੇ ਹੇਠਾਂ ਝਾੜੀਆਂ ਵੱਲ ਇੱਕ ਭਾਰੀ ਲਿਫਾਫਾ ਸੁੱਟ ਦਿੱਤਾ, ਜਿਸ ਨੂੰ ਮੌਕੇ ’ਤੇ ਮੌਜੂਦ ਏਐੱਸਆਈ ਨੇ ਵੇਖ ਲਿਆ। ਪੁਲਿਸ ਨੇ ਤੁਰੰਤ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ’ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸਦੇ ਬਾਅਦ ਦੋਨਾਂ ਮੁਲਜ਼ਮਾਂ ਨੂੰ ਮੌਕੇ ਉੱਤੇ ਹੀ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਥਾਣਾ ਢਿੱਲਵਾਂ ਵਿੱਚ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਪਾਸੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ, ਤਾਂ ਕਿ ਨਸ਼ਾ ਤਸਕਰੀ ਨਾਲ ਜੁੜੇ ਹੋਰ ਲਿੰਕ ਦਾ ਵੀ ਖੁਲਾਸਾ ਕੀਤਾ ਜਾ ਸਕੇ।