2019 ਬੈਚ ਦੇ ਆਈਏਐੱਸ ਅਧਿਕਾਰੀ ਅਕਾਸ਼ ਬਾਂਸਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਅਕਾਸ਼ ਬਾਂਸਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Publish Date: Tue, 07 Apr 2026 07:28 PM (IST)
Updated Date: Tue, 07 Apr 2026 07:29 PM (IST)

--ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਤੇ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣਾ ਮੁੱਖ ਤਰਜੀਹ ਹੋਵੇਗੀ --ਜ਼ਿਲ੍ਹਾ ਵਾਸੀਆਂ ਤੋਂ ਹੋਰ ਸੁਧਾਰਾਂ ਲਈ ਸਹਿਯੋਗ ਦੀ ਅਪੀਲ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : 2019 ਬੈਚ ਦੇ ਆਈਏਐੱਸ ਅਧਿਕਾਰੀ ਅਕਾਸ਼ ਬਾਂਸਲ ਨੇ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਉਪਰੰਤ ਉਨ੍ਹਾਂ ਨੇ ਗਾਰਡ ਆਫ ਆਨਰ ਦੀ ਸਲਾਮੀ ਲਈ ਤੇ ਬਾਅਦ ਵਿਚ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਵੇਗੀ ਤੇ ਇਨ੍ਹਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਜਿਵੇਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ, ਮੁਫਤ ਬਿਜਲੀ ਸਕੀਮ ਆਦਿ ਯੋਜਨਾਵਾਂ ਦੀ ਜ਼ਮੀਨੀ ਪੱਧਰ ਤੱਕ ਜਾਣਕਾਰੀ ਮੁਹੱਈਆ ਕਰਵਾ ਕੇ ਯੋਗ ਲਾਭਪਾਤਰੀਆਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਤੁਰੰਤ ਤੇ ਢੁਕਵਾਂ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸ੍ਰੀ ਬਾਂਸਲ ਨੇ ਜ਼ਿਲ੍ਹੇ ਵਿਚ ਹੋਰ ਸੁਧਾਰ ਲਿਆਉਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਾਪਤ ਹੋਣ ਵਾਲੇ ਸੁਝਾਅ ‘ਤੇ ਯੋਗ ਅਮਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਕਾਸ਼ ਬਾਂਸਲ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਮਾਨਸਾ ਸਮੇਤ ਹੋਰ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ।