ਆਰਸੀਐੱਫ ’ਚ 2043 ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ 2043 ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ, 147 ਅਸਾਮੀਆਂ ਖਤਮ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ : ਆਰਸੀਐੱਫ ਇੰਪਲਾਈਜ਼ ਯੂਨੀਅਨ
Publish Date: Tue, 25 Aug 2026 06:57 PM (IST)
Updated Date: Tue, 25 Aug 2026 06:58 PM (IST)
-147 ਅਸਾਮੀਆਂ ਖਤਮ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ : ਆਰਸੀਐੱਫ ਇੰਪਲਾਈਜ਼ ਯੂਨੀਅਨ -ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਰੇਲ ਕੋਚ ਫੈਕਟਰੀ (ਆਰਸੀਐੱਫ), ਕਪੂਰਥਲਾ ਵਿੱਚ ਕਰਮਚਾਰੀਆਂ ਨਾਲ ਜੁੜੇ ਮਹੱਤਵਪੂਰਨ ਤੇ ਲੰਬਿਤ ਮੁੱਦਿਆਂ ਨੂੰ ਲੈ ਕੇ ਆਰਸੀਐੱਫ ਇੰਪਲਾਈਜ਼ ਯੂਨੀਅਨ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ 24 ਅਗਸਤ ਨੂੰ ਆਰਸੀਐੱਫ ਦੇ ਡਾ. ਭੀਮ ਰਾਓ ਅੰਬੇਡਕਰ ਚੌਕ ਵਿਖੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ਸੀ। ਇਸ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਅੱਜ 25 ਅਗਸਤ ਨੂੰ ਵੀ ਆਰਸੀਐੱਫ ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ। ਅੱਜ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਆਰਸੀਐੱਫ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਆਰਸੀਐੱਫ ਦੇ ਕਰਮਚਾਰੀ ਸਾਲਾਂ ਤੋਂ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਦੇਸ਼ ਦੀ ਰੇਲ ਵਿਵਸਥਾ ਲਈ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਅਜਿਹੇ ਵਿੱਚ ਕਰਮਚਾਰੀਆਂ ਦੇ ਹਿੱਤਾਂ ਨਾਲ ਜੁੜੇ ਬੁਨਿਆਦੀ ਮੁੱਦਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2043 ਅਸਾਮੀਆਂ ਖਾਲੀ ਪਈਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨਾ ਭਰਨਾ ਅਤੇ ਦੂਜੇ ਪਾਸੇ 147 ਅਸਾਮੀਆਂ ਨੂੰ ਖਤਮ ਕਰਨ ਦਾ ਫੈਸਲਾ ਲੈਣਾ ਕਰਮਚਾਰੀਆਂ ’ਤੇ ਵਾਧੂ ਕੰਮ ਦਾ ਬੋਝ ਪਾਉਣ ਤੇ ਆਰਸੀਐੱਫ ਦੀ ਕਾਰਗੁਜ਼ਾਰੀ ਨੂੰ ਪ੍ਰਭਾਵਿਤ ਕਰਨ ਵਾਲਾ ਕਦਮ ਹੈ। ਜੇਕਰ ਉਤਪਾਦਨ ਦੀ ਲੋੜ ਹੈ ਤਾਂ ਖਾਲੀ ਅਸਾਮੀਆਂ ਭਰਨ ਦੇ ਨਾਲ-ਨਾਲ ਲੋੜ ਅਨੁਸਾਰ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣੀਆਂ ਚਾਹੀਦੀਆਂ ਹਨ । ਅਮਰੀਕ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਵਾਧੂ ਕੰਮ ਅਤੇ ਮਿਹਨਤ ਦੇ ਅਨੁਸਾਰ ਉਨ੍ਹਾਂ ਨੂੰ ਸਮੇਂ ਸਿਰ ਅਤੇ ਪੂਰਾ ਇਨਸੈਂਟਿਵ ਮਿਲਣਾ ਉਨ੍ਹਾਂ ਦਾ ਜਾਇਜ਼ ਹੱਕ ਹੈ। ਇਨਸੈਂਟਿਵ ਵਿੱਚ ਕਿਸੇ ਵੀ ਤਰ੍ਹਾਂ ਦੀ ਕਟੌਤੀ ਜਾਂ ਦੇਰੀ ਨੂੰ ਯੂਨੀਅਨ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਮੈਟੀਰੀਅਲ ਦੀ ਕਮੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਰਮਚਾਰੀਆਂ ਤੋਂ ਉਤਪਾਦਨ ਦੀ ਉਮੀਦ ਕੀਤੀ ਜਾਂਦੀ ਹੈ, ਪਰ ਜੇਕਰ ਲੋੜੀਂਦਾ ਮੈਟੀਰੀਅਲ ਸਮੇਂ ਸਿਰ ਤੇ ਲੋੜੀਂਦੀ ਮਾਤਰਾ ਵਿੱਚ ਉਪਲਬਧ ਨਹੀਂ ਕਰਵਾਇਆ ਜਾਂਦਾ ਤਾਂ ਇਸ ਲਈ ਕਰਮਚਾਰੀਆਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਆਰਸੀਐੱਫ ਪ੍ਰਸ਼ਾਸਨ ਨੂੰ ਉਤਪਾਦਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਲੋੜੀਂਦੇ ਮੈਟੀਰੀਅਲ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣੀ ਹੋਵੇਗੀ। ਅਮਰੀਕ ਸਿੰਘ ਨੇ ਕਿਹਾ ਕਿ 24 ਤੇ 25 ਅਗਸਤ ਨੂੰ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਜੇਕਰ ਆਰਸੀਐੱਫ ਪ੍ਰਸ਼ਾਸਨ ਤੇ ਭਾਰਤ ਸਰਕਾਰ ਨੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਅੰਦੋਲਨ ਨੂੰ ਅਗਲੇ ਪੜਾਅ ਵਿੱਚ ਲਿਜਾਣ ਦਾ ਐਲਾਨ ਕਰਦਿਆਂ ਕਿਹਾ ਕਿ ਕੱਲ੍ਹ 26 ਅਗਸਤ ਨੂੰ ਆਰਸੀਐੱਫ ਦੇ ਡਾ. ਭੀਮ ਰਾਓ ਅੰਬੇਡਕਰ ਚੌਕ ਵਿਖੇ ਅੱਧੇ ਦਿਨ ਦਾ ਸੰਕੇਤਕ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਰਾਹੀਂ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਤੱਕ ਕਰਮਚਾਰੀਆਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਪਹੁੰਚਾਇਆ ਜਾਵੇਗਾ।