20 ਸਾਲਾ ਨੌਜਵਾਨ ਦੀ ਸ਼ੱਕੀ ਹਲਾਤ ’ਚ ਮੌਤ
20 ਸਾਲਾਂ ਨੌਜਵਾਨ ਦੀ ਸ਼ੱਕੀ ਹਲਾਤਾਂ ਵਿੱਚ ਮੌਤ
Publish Date: Tue, 31 Mar 2026 08:36 PM (IST)
Updated Date: Tue, 31 Mar 2026 08:40 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਨੇੜੇ ਸਥਿਤ ਪਿੰਡ ਸੁਲਤਾਨਪੁਰ ਦਿਹਾਤੀ ਵਿਚ ਇਕ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਤੋਂ ਬਾਅਦ ਪੂਰੇ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਸਾਬੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਸਾਬੀ ਨੇ ਦੱਸਿਆ ਕਿ ਉਸਦੇ ਪੁੱਤਰ ਅਮਿਤ ਨੇ ਕਥਿਤ ਤੌਰ ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ, ਜਿਸ ਤੋਂ ਬਾਅਦ ਉਸਦੀ ਸਿਹਤ 3 ਦਿਨ ਪਹਿਲਾਂ ਅਚਾਨਕ ਵਿਗੜ ਗਈ ਸੀ। ਪਰਿਵਾਰਕ ਮੈਂਬਰਾਂ ਨੇ ਉਸਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਪਹੁੰਚਾਇਆ, ਉਸਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਉੱਥੋਂ ਡਾਕਟਰਾਂ ਨੇ ਬਾਅਦ ਵਿਚ ਉਸਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਉਸਨੇ ਅੱਜ ਆਖਰੀ ਸਾਹ ਲਿਆ। ਨੌਜਵਾਨ ਦੀ ਅਚਾਨਕ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕੀਤੇ ਹਨ, ਕਿਉਂਕਿ ਮੌਤ ਦੇ ਅਸਲ ਕਾਰਨ ਦੀ ਅਜੇ ਤੱਕ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਹੋਈ, ਜਿਸ ਨਾਲ ਮਾਮਲਾ ਸ਼ੱਕ ਦੇ ਘੇਰੇ ਵਿਚ ਹੈ। ਸੂਚਨਾ ਮਿਲਣ ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ, ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਹਰ ਪਹਿਲੂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੀ ਜਾਂਚ ਕੀਤੀ ਜਾ ਰਹੀ ਹੈ ਤੇ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ।