ਨਿੱਜੀ ਸਕੂਲਾਂ ’ਚ ਕਮਜ਼ੋਰ ਤੇ ਵਾਂਝੇ ਵਰਗਾਂ ਲਈ 25 ਫੀਸਦੀ ਸੀਟਾਂ ਰਾਖਵੀਆਂ ਆਰ.ਟੀ.ਈ. ਐਕਟ ਤਹਿਤ ਨਿੱਜੀ ਸਕੂਲਾਂ ਵਿੱਚ ਕਮਜ਼ੋਰ ਤੇ ਵੰਚਿਤ ਵਰਗਾਂ ਲਈ 25 ਫੀਸਦੀ ਸੀਟਾਂ ਰਾਖਵੀਆਂ
Publish Date: Fri, 25 Sep 2026 06:50 PM (IST)
Updated Date: Fri, 25 Sep 2026 06:51 PM (IST)
--ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਸਕੂਲ-ਵਾਰ ਵੇਰਵੇ ਅਪਲੋਡ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹੇ ਦੇ ਰਾਈਟ ਟੂ ਐਜੂਕੇਸ਼ਨ (ਆਰਟੀਈ) ਐਕਟ, 2009 ਦੇ ਦਾਇਰੇ ਵਿੱਚ ਆਉਂਦੇ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਕਲਾਸ ਪਹਿਲੀ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਤੇ ਵਾਂਝੇ ਵਰਗਾਂ ਨਾਲ ਸਬੰਧਤ ਬੱਚਿਆਂ ਲਈ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਤੇ ਐਕਟ ਦੀਆਂ ਵਿਵਸਥਾਵਾਂ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰਟੀਈ ਐਕਟ ਦੇ ਦਾਇਰੇ ਵਿੱਚ ਆਉਂਦੇ ਸਾਰੇ ਸਕੂਲਾਂ ਲਈ ਯੋਗ ਕਮਜ਼ੋਰ ਤੇ ਵਾਂਝੇ ਵਰਗਾਂ ਦੇ ਬੱਚਿਆਂ ਵਾਸਤੇ ਕਲਾਸ ਪਹਿਲੀ ਦੀਆਂ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਨਿੱਜੀ ਸਕੂਲਾਂ ਵਿੱਚ 25 ਫੀਸਦੀ ਕੋਟੇ ਅਧੀਨ ਉਪਲਬਧ ਸੀਟਾਂ ਸਬੰਧੀ ਸਕੂਲ-ਵਾਰ ਜਾਣਕਾਰੀ ਵੈੱਬਸਾਈਟ Kapurthala.gov.in ’ਤੇ ਪਹਿਲਾਂ ਹੀ ਅਪਲੋਡ ਕੀਤੀ ਜਾ ਚੁੱਕੀ ਹੈ, ਤਾਂ ਜੋ ਮਾਪੇ ਸੀਟਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ ਤੇ ਪੋਰਟਲ ਖੁੱਲ੍ਹਣ ਉਪਰੰਤ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਅਧਿਕਾਰੀਆਂ ਨੂੰ ਆਰਟੀਈ ਐਕਟ ਤਹਿਤ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਦੀ ਵਿਵਸਥਾ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 25 ਫੀਸਦੀ ਸੀਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਮੁਸ਼ਕਲ ਜਾਂ ਸ਼ਿਕਾਇਤ ਲਈ ਮਾਪੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੈਲਪਲਾਈਨ ਨੰਬਰ 01822-233777 ਜਾਂ ਈ-ਮੇਲ dc.kpr@punjab.gov.in ਰਾਹੀਂ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਰਟੀਈ ਐਕਟ ਦੀਆਂ ਵਿਵਸਥਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਸਾਰੇ ਸਬੰਧਤ ਸਕੂਲਾਂ ਤੋਂ ਪਾਲਣਾ ਰਿਪੋਰਟਾਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਆਰਟੀਈ ਐਕਟ ਦੇ ਦਾਇਰੇ ਵਿੱਚ ਆਉਂਦੇ ਸਾਰੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਤੇ ਯੋਗ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਕਾਨੂੰਨੀ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਕੂਲ ਵੱਲੋਂ ਐਕਟ ਦੀ ਉਲੰਘਣਾ ਕਰਨ ਜਾਂ ਇਸ ਦੀਆਂ ਵਿਵਸਥਾਵਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਲਾਗੂ ਨਿਯਮਾਂ ਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਉਚਿਤ ਕਾਰਵਾਈ ਕੀਤੀ ਜਾਵੇਗੀ।