- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਜੁਲਾਈ ਤੱਕ 2,61,478 ਸ਼ਰਧਾਲੂਆਂ ਨੇ ਲਿਆ ਲਾਭ, ਪੰਜਾਬ ਵਿੱਚ ਕਰਵਾਈਆਂ ਗਈਆਂ 6445 ਤੀਰਥ ਯਾਤਰਾਵਾਂ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 12 ਅਗਸਤ ਨੂੰ ਫਗਵਾੜਾ ਤੋਂ ਮਥੁਰਾ-ਵ੍ਰਿੰਦਾਵਨ ਤੇ ਹਰਿਦੁਆਰ-ਰਿਸ਼ੀਕੇਸ਼ ਦੇ ਪਵਿੱਤਰ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਸ਼ਰਧਾਲੂਆਂ ਨੂੰ ਮਥੁਰਾ-ਵ੍ਰਿੰਦਾਵਨ, ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼, ਸਾਲਾਸਰ ਬਾਲਾਜੀ ਤੇ ਹੋਰ ਧਾਰਮਿਕ ਅਸਥਾਨਾਂ ਸਮੇਤ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਤੇ ਹੋਰ ਕਈ ਮਹੱਤਵਪੂਰਨ ਧਾਰਮਿਕ ਤੇ ਵਿਰਾਸਤੀ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਸੀ। 1 ਜੁਲਾਈ ਤੱਕ ਉਪਲਬਧ ਅੰਕੜਿਆਂ ਅਨੁਸਾਰ, ਹੁਣ ਤੱਕ ਕੁੱਲ 6,445 ਤੀਰਥ ਯਾਤਰਾਵਾਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦਾ ਲਾਭ ਸੂਬੇ ਭਰ ਦੇ 2,61,478 ਸ਼ਰਧਾਲੂਆਂ ਨੇ ਉਠਾਇਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਸ ਅਹਿਮ ਤੀਰਥ ਯਾਤਰਾ ਪ੍ਰੋਗਰਾਮ ਦਾ ਵਿਸਥਾਰ ਕਰਨ ਲਈ ਧੰਨਵਾਦ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਤੇ ਹੋਰ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਕਈ ਬਜ਼ੁਰਗਾਂ ਦੀ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦੀ ਡੂੰਘੀ ਖਾਹਿਸ਼ ਹੁੰਦੀ ਸੀ ਪਰ ਆਰਥਿਕ ਤੰਗੀ ਕਾਰਨ ਉਹ ਅਜਿਹੀਆਂ ਯਾਤਰਾਵਾਂ ਕਰਨ ਤੋਂ ਅਸਮਰੱਥ ਸਨ।
ਡਾ. ਚੱਬੇਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਤੀਰਥ ਯਾਤਰਾ ਦੇ ਇੰਤਜ਼ਾਮਾਂ ਦਾ ਸਾਰਾ ਖਰਚਾ ਆਪ ਚੁੱਕਦੀ ਹੈ, ਜਿਸ ਵਿੱਚ ਆਵਾਜਾਈ ਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ, ਜਿਸ ਨਾਲ ਯੋਗ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਖਰਚੇ ਦੇ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਤੋਂ ਚੱਲਣ ਵਾਲੀਆਂ ਇਹ ਦੋ ਬੱਸਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਅਤੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਨਗੀਆਂ।