ਨੌਜਵਾਨ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ
ਨੌਜਵਾਨ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ
Publish Date: Tue, 07 Apr 2026 09:01 PM (IST)
Updated Date: Tue, 07 Apr 2026 09:02 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਕਪੂਰਥਲਾ ਵਿਚ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਸੀਆਈਏ ਸਟਾਫ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਸੀਆਈਏ ਇੰਚਾਰਜ ਰਮਨ ਕੁਮਾਰ ਨੇ ਕੀਤੀ ਹੈ। ਕਪੂਰਥਲਾ ਸੀਆਈਏ ਦੇ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏਐੱਸਆਈ ਕੇਵਲ ਸਿੰਘ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਦੇ ਨੇੜੇ ਗਸ਼ਤ ਕਰਦੇ ਹੋਏ ਸ਼ੇਖੂਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਲੱਗ ਪਿਆ। ਪੁਲਿਸ ਕਰਮਚਾਰੀਆਂ ਨੇ ਫੁਰਤੀ ਦਿਖਾਉਂਦੇ ਹੋਏ ਨੌਜਵਾਨ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਫੜ੍ਹੇ ਜਾਣ ਦੌਰਾਨ ਨੌਜਵਾਨ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਇੱਕ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ। ਜਦੋਂ ਪੁਲਿਸ ਨੇ ਉਸ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਮਨੀਸ਼ ਕੁਮਾਰ ਉਰਫ਼ ਬਿੱਲੂ ਪੁੱਤਰ ਰਾਮ ਕੁਮਾਰ ਵਸਨੀਕ ਮੰਗੀ ਮੁਹੱਲਾ, ਔਜਲਾ ਫਾਟਕ ਦੇ ਨੇੜੇ ਕਪੂਰਥਲਾ ਵਜੋਂ ਹੋਈ ਹੈ । ਸੀਆਈਏ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਚ ਐੱਫਆਈਆਰ ਦਰਜ ਕਰ ਲਈ ਗਈ ਹੈ ਤੇ ਉਸ ਤੋਂ ਨਸ਼ੇ ਦੀ ਸਪਲਾਈ ਚੇਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।