ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ : ਸੋਮ ਪ੍ਰਕਾਸ਼ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਭਾਜਪਾ ਦੀ ਸਰਕਾਰ ਜਰੂਰੀ : ਸੋਮ ਪ੍ਰਕਾਸ਼
Publish Date: Mon, 02 Nov 2026 09:50 PM (IST)
Updated Date: Mon, 02 Nov 2026 09:53 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੇ ਵਧਦੇ ਪ੍ਰਕੋਪ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਤੇ ਭਾਜਪਾ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਹੱਕ ਵਿੱਚ ਬਣ ਰਿਹਾ ਮਾਹੌਲ ਆਉਣ ਵਾਲੇ ਸਮੇਂ ਵਿੱਚ ਸਿਆਸੀ ਤਸਵੀਰ ਬਦਲਣ ਦਾ ਸੰਕੇਤ ਦੇ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਰਕੇਸ਼ ਨੀਟੂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਮ ਪ੍ਰਕਾਸ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਕਈ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਸੂਬੇ ਵਿੱਚ ਕਤਲ, ਲੁੱਟ-ਖੋਹ, ਫਿਰੌਤੀਆਂ ਤੇ ਗੈਂਗਸਟਰਵਾਦ ਦੀਆਂ ਵਾਰਦਾਤਾਂ ਨੇ ਆਮ ਲੋਕਾਂ ਦੇ ਮਨਾਂ ਵਿੱਚ ਡਰ ਤੇ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਨਸ਼ਿਆਂ ਦਾ ਵਪਾਰ ਤੇ ਨੌਜਵਾਨਾਂ ਦੀ ਹੋ ਰਹੀ ਬਰਬਾਦੀ ਸੂਬੇ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਭਾਜਪਾ ਇਸ ਮੁੱਦੇ ਨੂੰ ਸਿਰਫ਼ ਸਿਆਸੀ ਨਾਅਰੇ ਤੱਕ ਸੀਮਤ ਨਹੀਂ ਰੱਖਣਾ ਚਾਹੁੰਦੀ, ਸਗੋਂ ਲੋਕਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸਮਾਜਿਕ ਲਹਿਰ ਖੜ੍ਹੀ ਕਰਨ ਲਈ ਯਤਨਸ਼ੀਲ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਯਾਤਰਾ ਨੇ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਨਵੀਂ ਚੇਤਨਾ ਪੈਦਾ ਕੀਤੀ ਹੈ। ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਵੱਲੋਂ ਜਿਸ ਤਰ੍ਹਾਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਗਈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦਾ ਆਮ ਨਾਗਰਿਕ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਗੰਭੀਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਵਿੱਚ ਹੋ ਚੁੱਕੀ ਰੈਲੀ ਨੇ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਤੇ ਜੋਸ਼ ਭਰਿਆ ਹੈ। ਇਸ ਰੈਲੀ ਤੋਂ ਬਾਅਦ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਬਲ ਮਿਲਿਆ ਹੈ ਤੇ ਲੋਕਾਂ ਵਿੱਚ ਪਾਰਟੀ ਪ੍ਰਤੀ ਭਰੋਸਾ ਵਧਿਆ ਹੈ। ਇਸ ਮੌਕੇ ਉਨਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਭਾਜਪਾ ਵਿੱਚ ਸ਼ਮੂਲੀਅਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੋਰ ਵੀ ਬਹੁਤ ਸਾਰੇ ਵਿਧਾਇਕ ਤੇ ਮੰਤਰੀ ਆਉਣ ਵਾਲੇ ਸਮੇਂ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਅਕਾਲੀ ਦਲ ਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸੋਮ ਪ੍ਰਕਾਸ਼ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਦੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ। ਗੱਠਜੋੜ ਹੋਵੇਗਾ ਜਾਂ ਨਹੀਂ, ਇਸ ਬਾਰੇ ਫੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਰਕੇਸ਼ ਨੀਟੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਤੇ ਪਾਰਟੀ ਦਾ ਹਰ ਵਰਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਇਸ ਮੌਕੇ ਭਾਜਪਾ ਆਗੂ ਰਾਜਿੰਦਰ ਅਰੋੜਾ, ਅਸ਼ੋਕ ਕਨੋਜੀਆ ਅਤੇ ਮਿੰਟੂ ਜੈਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।