ਡਰਾਫ਼ਟ ਵੋਟਰ ਸੂਚੀ ’ਚ ਸੋਧ ਲਈ ਕੈਂਪ 16 ਨੂੰ ਡਰਾਫ਼ਟ ਵੋਟਰ ਸੂਚੀ ’ਚ ਦਰਜ ਨਾਮ ਦੀ ਜਾਣਕਾਰੀ ਅਤੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਲਈ ਲੱਗੇਗਾ 16 ਨੂੰ ਕੈਂਪ
Publish Date: Thu, 13 Aug 2026 08:47 PM (IST)
Updated Date: Thu, 13 Aug 2026 08:50 PM (IST)
--ਜ਼ਿਲ੍ਹੇ ਦੇ ਸਮੂਹ 805 ਪੋਲਿੰਗ ਬੂਥਾਂ ’ਤੇ ਸਵੇਰੇ 10:00 ਤੋਂ ਦੁਪਹਿਰ 1:00 ਵਜੇ ਤੱਕ ਹੋਵੇਗਾ ਕੈਂਪ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ(ਐੱਸਆਈਆਰ)-2026 ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਵੋਟਰਾਂ ਪਾਸੋਂ ਇਕੱਤਰ ਕੀਤੇ ਗਏ ਗਣਨਾ ਫਾਰਮਾਂ ਦੇ ਅਧਾਰ ’ਤੇ ਤਿਆਰ ਕੀਤੀਆਂ ਗਈਆਂ ਡਰਾਫ਼ਟ ਵੋਟਰ ਸੂਚੀਆਂ ਵਿੱਚ ਦਰਜ ਨਾਮ ਦੀ ਜਾਣਕਾਰੀ ਤੇ ਦਾਅਵੇ ਤੇ ਇਤਰਾਜ਼ ਲੈਣ ਲਈ 16 ਅਗਸਤ 2026 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 1:00 ਵਜੇ ਤੱਕ ਜ਼ਿਲ੍ਹੇ ਦੇ ਸਮੂਹ 805 ਪੋਲਿੰਗ ਬੂਥਾਂ ਉਪਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 13 ਅਗਸਤ 2026 ਨੂੰ ਵੋਟਰ ਸੂਚੀਆਂ ਦੀ ਡਰਾਫ਼ਟ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਪੋਲਿੰਗ ਬੂਥ ਉਪਰ ਜਾ ਕੇ ਆਪਣਾ ਨਾਮ ਡਰਾਫ਼ਟ ਵੋਟਰ ਸੂਚੀ ਵਿੱਚ ਚੈਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੀ ਡਰਾਫਟ ਵੋਟਰ ਸੂਚੀ (ਬਿਨਾਂ ਫੋਟੋ) ਜ਼ਿਲ੍ਹਾ ਕਪੂਰਥਲਾ ਦੀ ਵੈਬਸਾਈਟ https://kapurthala.gov.in/ ’ਤੇ ਅਪਲੋਡ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਵੋਟਰ ਸੂਚੀ ਵਿੱਚ ਵੋਟਰ ਦਾ ਨਾਮ ਦਰਜ ਨਹੀਂ ਹੈ ਤਾਂ ਉਹ ਫਾਰਮ ਨੰਬਰ 6 ਸਮੇਤ ਘੋਸ਼ਣਾ ਪੱਤਰ ਭਰ ਕੇ ਮਿਤੀ 13.08.2026 ਤੋਂ 12.09.2026 ਤੱਕ ਆਪਣਾ ਨਾਮ ਦਰਜ ਕਰਵਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਮੂਹ ਪੋਲਿੰਗ ਬੂਥਾਂ ਉਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਨੂੰ ਡਰਾਫ਼ਟ ਵੋਟਰ ਸੂਚੀਆਂ ਵਿੱਚ ਦਰਜ ਨਾਵਾਂ ਦੀ ਜਾਣਕਾਰੀ ਤੇ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ।