ਛੁੱਟੀ ਦੀ ਮੰਗ ਨੂੰ ਲੈ ਕੇ ਸੰਤ ਸੀਚੇਵਾਲ ਨੂੰ ਮਿਲੇ ਅਧਿਆਪਕ ਅਧਿਆਪਕਾਂ ਦੇ ਵਫ਼ਦ ਵੱਲੋਂ ਨਗਰ ਕੀਰਤਨ ਮੌਕੇ ਛੁੱਟੀ ਦੀ ਮੰਗ ਨੂੰ ਲੈ ਕੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ
Publish Date: Fri, 13 Nov 2026 09:48 PM (IST)
Updated Date: Fri, 13 Nov 2026 09:51 PM (IST)
ਕੁਲਬੀਰ ਸਿੰਘ ਮਿੰਟੂ\ਲਖਬੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 23 ਨਵੰਬਰ ਨੂੰ ਪਵਿੱਤਰ ਨਗਰ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਮੌਕੇ ਸਬ ਡਿਵੀਜ਼ਨ ਸੁਲਤਾਨਪੁਰ ਅੰਦਰ ਛੁੱਟੀ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਆਗੂਆਂ ਦਾ ਵਫ਼ਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ। ਇਸ ਮੌਕੇ ਵਫ਼ਦ ਦੇ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 23 ਨਵੰਬਰ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ, ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਸਾਰੇ ਦਫ਼ਤਰਾਂ ਤੇ ਸਕੂਲਾਂ ਵਿੱਚ ਡਿਪਟੀ ਕਮਿਸ਼ਨਰ, ਕਪੂਰਥਲਾ ਵੱਲੋਂ ਪੂਰੇ ਦਿਨ ਦੀ ਛੁੱਟੀ ਕੀਤੀ ਜਾਵੇ। ਵਫ਼ਦ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਪੂਰਾ ਸ਼ਹਿਰ ਤੇ ਇਲਾਕੇ ਦੇ ਲੋਕ ਬੜੀ ਧੂਮਧਾਮ ਨਾਲ ਮਨਾਉਂਦੇ ਹਨ ਤੇ ਨਗਰ ਕੀਰਤਨ ਦਾ ਹਿੱਸਾ ਬਣਦੇ ਹਨ। ਸਕੂਲਾਂ ਵਿੱਚ ਵੀ ਉਸ ਦਿਨ ਬੱਚਿਆਂ ਦੀ ਗਿਣਤੀ ਨਾ-ਮਾਤਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਪੂਰਥਲਾ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਇਲਾਕੇ ਦੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਪੂਰੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਸੁਲਤਾਨਪੁਰ ਲੋਧੀ ਵਿਖੇ ਵੀ ਇਸ ਪਵਿੱਤਰ ਦਿਹਾੜੇ ਮੌਕੇ ਛੁੱਟੀ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਪਰ ਦੁਨੀਆ ਭਰ ਤੋਂ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਇਸ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਬੱਚਿਆਂ ਸਮੇਤ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਡਿਪਟੀ ਕਮਿਸ਼ਨਰ ਨਾਲ਼ ਗੱਲਬਾਤ ਕਰਨਗੇ ਤਾਂ ਜੋ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਜਾ ਸਕੇ। ਇਸ ਮੌਕੇ ਅਧਿਆਪਕ ਆਗੂ ਰਵੀ ਵਾਹੀ, ਸੀਐੱਚਟੀ ਬਿਕਰਮਜੀਤ ਸਿੰਘ, ਸੀਐੱਚਟੀ ਕੁਲਦੀਪ ਚੰਦ, ਜਗਜੀਤ ਸਿੰਘ, ਕੁਲਬੀਰ ਸਿੰਘ ਵਲਣੀ, ਜਗਮੋਹਣ ਸਿੰਘ ਥਿੰਦ ਜਾਗਲਾ ਆਦਿ ਹਾਜ਼ਰ ਸਨ।