50 ਕਿਸਾਨ ਵਾਤਾਵਰਣ ਦੇ ਰਾਖੇ ਖਿਤਾਬ ਨਾਲ ਨਿਵਾਜੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
Publish Date: Tue, 13 Oct 2026 09:26 PM (IST)
Updated Date: Tue, 13 Oct 2026 09:29 PM (IST)
--ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ --ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕੈਂਪ ਦਾ ਕੀਤਾ ਉਦਘਾਟਨ ਮੱਲ੍ਹੀ/ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ, ਫ਼ਸਲਾਂ ਦੀ ਕਾਸ਼ਤ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਜਸਵਿੰਦਰ ਸਿੰਘ ਨੇ ਕੁਦਰਤੀ ਸਰੋਤਾਂ, ਖ਼ਾਸ ਕਰਕੇ ਮਿੱਟੀ ਤੇ ਪਾਣੀ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਵਾਤਾਵਰਣ ਪੱਖੀ ਤੇ ਲਾਹੇਵੰਦ ਬਣਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਹਿਕਮੇ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹੁਣ ਤੱਕ ਅੱਗ ਮੁਕਤ ਹੈ ਤੇ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਵੀ ਘਟਨਾ ਨਹੀਂ ਵਾਪਰੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਖੇਤੀ ਮਸ਼ੀਨਰੀ ਤੇ ਵਿਗਿਆਨਕ ਤਰੀਕਿਆਂ ਦੀ ਮਦਦ ਨਾਲ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਨਾਲ ਮਿੱਟੀ ਦੀ ਜਰਖੇਜ ਬਣੀ ਰਹਿੰਦੀ ਹੈ ਤੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਮਿਲਦੀ ਹੈ। ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਵੱਲੋਂ ਵੱਖ-ਵੱਖ ਫ਼ਸਲਾਂ ਦੀ ਕਾਸ਼ਤ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਤੇ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਗੁਲਜ਼ਾਰ ਸਿੰਘ ਸੰਘੇੜਾ ਨੇ ਗੰਨੇ ਦੀ ਸੁਚੱਜੀ ਕਾਸ਼ਤ, ਉੱਨਤ ਤਕਨੀਕਾਂ ਤੇ ਫ਼ਸਲ ਤੋਂ ਵਧੇਰੇ ਲਾਭ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਹਰਿੰਦਰ ਸਿੰਘ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਬਿਜਾਈ ਸਮੇਂ ਧਿਆਨ ਰੱਖਣ ਯੋਗ ਨੁਕਤਿਆਂ ਤੇ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਦੱਸਿਆ। ਇਸੇ ਤਰ੍ਹਾਂ ਡਾ. ਦਲਜੀਤ ਸਿੰਘ ਨੇ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਬਿੰਦੂ ਨੇ ਖੇਤੀ ਮਸ਼ੀਨਰੀ ਦੀ ਵਰਤੋਂ ਤੇ ਖੇਤੀਬਾੜੀ ਦੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਜਾਣੂ ਕਰਵਾਇਆ, ਜਦਕਿ ਡਾ. ਸੁਮਨ ਜੌਲੀ ਨੇ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਤੇ ਫ਼ਸਲ ਸੁਰੱਖਿਆ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਕੈਂਪ ਦਾ ਇੱਕ ਅਹਿਮ ਪੱਖ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਹੇ 50 ਕਿਸਾਨਾਂ ਦਾ ਸਨਮਾਨ ਕਰਨਾ ਰਿਹਾ। ਵਿਭਾਗ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕਰਕੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾਦਾਇਕ ਉਦਾਹਰਨ ਵਜੋਂ ਪੇਸ਼ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡਾ. ਗੁਰਵਿੰਦਰ ਸਿੰਘ ਖੇਤੀਬਾੜੀ ਅਫ਼ਸਰ, ਡਾ. ਪਰਮਜੀਤ ਮਹੇ ਖੇਤੀਬਾੜੀ ਅਫ਼ਸਰ, ਡਾ. ਵਿਸ਼ਾਲ ਕੌਸ਼ਲ ਖੇਤੀਬਾੜੀ ਅਫ਼ਸਰ, ਇੰਜੀਨੀਅਰ ਲਵਲੀ ਡਾ. ਜਸਪਾਲ ਸਿੰਘ, ਡਾ. ਗੁਰਜੋਤ ਸਿੰਘ, ਸ਼ਵਿੰਦਰ ਸਿੰਘ, ਮਨਅਰਸ਼ਰੂਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਪਰਮਿੰਦਰ ਕੁਮਾਰ, ਰਵਿੰਦਰ ਕੌਰ, ਹਰਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਣਬੀਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਕਿਰਪਾਲ ਕੌਰ ਸੁਪਰਡੰਟ, ਜਸਰਮਨ ਸਿੰਘ ਸੀਨੀਅਰ ਸਹਾਇਕ, ਮਨਦੀਪ ਸਿੰਘ, ਚਰਨਜੀਤ ਸਿੰਘ, ਅਮਨਦੀਪ ਸਿੰਘ, ਪਵਨਦੀਪ ਸਿੰਘ, ਮਨਜਿੰਦਰ ਸਿੰਘ ਪ੍ਰਭਦੀਪ ਸਿੰਘ ਏਟੀਐੱਮ ਸਮੇਤ ਹੋਰ ਅਧਿਕਾਰੀ ਤੇ ਕਿਸਾਨ ਹਾਜ਼ਰ ਸਨ।