ਪਿੰਡ ਦਰਵੇਸ਼ ਪਿੰਡ ’ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਪਿੰਡ ਦਰਵੇਸ਼ ਪਿੰਡ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Publish Date: Fri, 16 Oct 2026 06:41 PM (IST)
Updated Date: Fri, 16 Oct 2026 06:42 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ, ਕਪੂਰਥਲਾ ਦੀ ਯੋਗ ਅਗਵਾਈ ਹੇਠ ਪਿੰਡ ਦਰਵੇਸ਼ ਪਿੰਡ, ਬਲਾਕ ਫਗਵਾੜਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਖੇਤੀਬਾੜੀ ਅਫ਼ਸਰ, ਫਗਵਾੜਾ ਪਰਮਜੀਤ ਸਿੰਘ ਨੇ ਕੀਤੀ। ਕੈਂਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਤੇ ਮਿੱਟੀ ਪ੍ਰਦੂਸ਼ਿਤ ਹੁੰਦੀ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਤੇ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ ਵਰਗੇ ਜ਼ਰੂਰੀ ਤੱਤਾਂ ਦੇ ਨਾਲ-ਨਾਲ ਜੈਵਿਕ ਮਾਦੇ ਦਾ ਵੀ ਨੁਕਸਾਨ ਹੁੰਦਾ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਲਈ ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਰੋਟਾਵੇਟਰ, ਐੱਮਬੀ ਪਲਾਓ ਤੇ ਹੋਰ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਰੀ ਸਹਿਕਾਰੀ ਸਭਾਵਾਂ, ਕਸਟਮ ਹਾਇਰਿੰਗ ਸੈਂਟਰਾਂ ਤੇ ਖੇਤੀਬਾੜੀ ਵਿਭਾਗ ਰਾਹੀਂ ਸਬਸਿਡੀ ਤੇ ਜਾਂ ਕਿਰਾਏ ਤੇ ਉਪਲਬਧ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਪਰਾਲੀ ਦੀਆਂ ਗੰਢਾਂ ਬਣਵਾ ਕੇ ਵੀ ਇਸ ਦੀ ਹੋਰ ਕੰਮਾਂ ਲਈ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਕਰਦਿਆਂ ਕਿਸੇ ਵੀ ਹਾਲਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਲਾਗੂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਜੁਰਮਾਨੇ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਬਲਵੰਤ ਰਾਏ, ਜੇਟੀ ਤੇ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਤੋਂ ਇਲਾਵਾ ਅਗਾਂਹਵਧੂ ਕਿਸਾਨ ਸਿਮਰਨਜੀਤ ਸਿੰਘ, ਤਲੋਚਨ ਸਿੰਘ, ਗੁਰਦੀਪ ਸਿੰਘ ਤੇ ਤਲੋਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਤੇ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣਗੇ।