ਜੈਕਾਰਿਆਂ ਦੀ ਗੂੰਜ ’ਚ ਸਜਾਇਆ ਮਹਾਨ ਨਗਰ ਕੀਰਤਨ ਮਹੇੜੂ ਵਿਖੇ ਜੈਕਾਰਿਆਂ ਦੀ ਗੂੰਜ ਵਿੱਚ ਸਜਾਇਆ ਗਿਆ ਮਹਾਨ ਨਗਰ ਕੀਰਤਨ
Publish Date: Mon, 23 Nov 2026 08:48 PM (IST)
Updated Date: Mon, 23 Nov 2026 08:49 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਹੇੜੂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਬੜੀ ਸ਼ਰਧਾ ਤੇ ਸਤਿਕਾਰ ਨਾਲ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਤੇ ਗੁਰੂ ਸਾਹਿਬ ਦੇ ਜੈਕਾਰਿਆਂ ਨਾਲ ਸਮੁੱਚਾ ਇਲਾਕਾ ਗੂੰਜ ਉੱਠਿਆ। ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਸਾਹਿਬ ਲਹਿੰਦਾ ਪਾਸਾ ਤੋਂ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਇਹ ਮਹਾਨ ਨਗਰ ਕੀਰਤਨ ਪਿੰਡ ਦੇ ਮੋਤੀ ਰਾਮ ਮਹਿਰਾ ਚੌਂਕ, ਗੁਰਦੁਆਰਾ ਚੜ੍ਹਦਾ ਪਾਸਾ ਸਾਹਿਬ, ਗੁਰਦੁਆਰਾ ਬਾਬਾ ਸਿੰਘਾਂ ਸ਼ਹੀਦਾਂ ਸਮੇਤ ਪਿੰਡ ਦੇ ਵੱਖ-ਵੱਖ ਪੜਾਵਾਂ ਚੋਂ ਹੁੰਦਾ ਹੋਇਆ ਅੱਗੇ ਵਧਿਆ ਤੇ ਮੁੜ ਗੁਰਦੁਆਰਾ ਸਿੰਘ ਸਭਾ ਲਹਿੰਦਾ ਪਾਸਾ ਸਾਹਿਬ ਆ ਕੇ ਸੰਪੰਨ ਹੋਇਆ। ਰਸਤੇ ਵਿੱਚ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਨਗਰ ਕੀਰਤਨ ਦੌਰਾਨ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਲੰਗਰ ਤੇ ਹੋਰ ਸੇਵਾਵਾਂ ਦਾ ਪ੍ਰਬੰਧ ਵੀ ਕੀਤਾ ਗਿਆ।