- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸੰਤ ਘਾਟ ਤੋਂ ਖਾਲਸਾਈ ਰਵਾਇਤਾਂ ਅਨੁਸਾਰ ਸਜਾਇਆ ਵਿਸ਼ਾਲ ਨਗਰ ਕੀਰਤਨ

-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਲੱਗੀਆਂ ਸੁਲਤਾਨਪੁਰ ਲੋਧੀ ’ਚ ਰੌਣਕਾਂ
-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸੰਤ ਘਾਟ ਤੋਂ ਕੀਤੀ ਆਰੰਭਤਾ
ਲਖਵੀਰ ਸਿੰਘ ਲੱਖੀ\ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਜਿਨ੍ਹਾਂ ਇਸ ਮੌਕੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਆਪਣੇ ਸੀਸ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਾਵਨ ਸਰੂਪ ਚੁੱਕ ਕੇ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਅਰਦਾਸ 'ਚ ਸ਼ਮੂਲੀਅਤ ਕੀਤੀ ਤੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਨਤਮਸਤਕ ਹੋ ਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਗੁਰਮਈ ਰੰਗ 'ਚ ਰੰਗਿਆ ਹੋਇਆ ਸੀ ਤੇ ਸੰਗਤਾਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਦੇ ਜਾਪ ਨਾਲ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਦੀ ਮੌਜੂਦਗੀ ਨੇ ਸਮੁੱਚੇ ਸਮਾਗਮ ਨੂੰ ਧਾਰਮਿਕ ਰੰਗਤ ਬਖ਼ਸ਼ੀ।
ਇਸ ਉਪਰੰਤ ਗੱਲਬਾਤ ਕਰਦੇ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸਿਰਫ਼ ਇਕ ਧਾਰਮਿਕ ਸਮਾਗਮ ਤੱਕ ਸੀਮਤ ਨਹੀਂ, ਸਗੋਂ ਇਹ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਸਰਬੱਤ ਦੇ ਭਲੇ, ਆਪਸੀ ਪਿਆਰ, ਬਰਾਬਰਤਾ, ਸਾਂਝੀਵਾਲਤਾ ਤੇ ਮਨੁੱਖਤਾ ਦੀ ਸੇਵਾ ਦੇ ਸਿਧਾਂਤਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਂਦੇ ਸਮਾਜ 'ਚ ਪਿਆਰ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਉਚੇਚੇ ਤੌਰ ’ਤੇ ਸ਼ਾਮਲ ਹੋ ਕੇ ਪ੍ਰਧਾਨ ਧਾਮੀ ਦਾ ਸਨਮਾਨ ਕੀਤਾ। ਐਡਵੋਕੇਟ ਧਾਮੀ ਨੇ ਪੰਜ ਪਿਆਰੇ ਸਾਹਿਬਾਨ ਤੇ ਨਗਰ ਕੀਰਤਨ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ, ਜਥੇਦਾਰ ਗੁਰਮੀਤ ਸਿੰਘ ਬੂਹ, ਜਥੇਦਾਰ ਬਲਦੇਵ ਸਿੰਘ ਕਲਿਆਣ, ਜਥੇਦਾਰ ਮਹਿੰਦਰ ਸਿੰਘ ਆਹਲੀ ਰਿਟਾਇਰਡ ਸਕੱਤਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸਤਨਾਮ ਸਿੰਘ ਰਿਆੜ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਆਦਿ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਸਮੇਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਲਖਵਿੰਦਰ ਸਿੰਘ ਡੋਗਰਾਂਵਾਲ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਇਟਲੀ, ਰੋਜ਼ਾਨਾ ਅੰਮ੍ਰਿਤ ਵੇਲਾ ਪਰਕਰਮਾ ਸੇਵਾ ਸਟੀ ਦੇ ਪ੍ਰਧਾਨ ਸਰਪਰਸਤ ਭਾਈ ਚਰਨਜੀਤ ਸਿੰਘ, ਜਥੇ. ਦਿਲਬਾਗ ਸਿੰਘ ਗਿੱਲ ਐੱਮਡੀ, ਜਥੇਦਾਰ ਸਤਨਾਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ, ਭਾਈ ਹਰਜੀਤ ਸਿੰਘ ਪ੍ਰਚਾਰਕ, ਜਗਦੀਸ਼ ਸਿੰਘ ਸੋਢੀ ਮੁਕਤਸਰ, ਗਿਆਨੀ ਦਵਿੰਦਰ ਸਿੰਘ ਪ੍ਰਚਾਰਕ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ, ਭਾਈ ਕਰਨਜੀਤ ਸਿੰਘ ਆਹਲੀ ਹਜੂਰੀ ਕਥਾ ਵਾਚਕ ਬੇਰ ਸਾਹਿਬ, ਡਾ. ਗੁਰਦੇਵ ਸਿੰਘ ਜੋਸਨ, ਰਾਜਾ ਗੁਰਪ੍ਰੀਤ ਸਿੰਘ, ਭਾਈ ਜਗਜੀਤ ਸਿੰਘ ਸੰਧੂ, ਭਾਈ ਅਵਤਾਰ ਸਿੰਘ ਸੰਧੂ ਗ੍ਰੰਥੀ, ਭਾਈ ਅਵਤਾਰ ਸਿੰਘ ਨਲ, ਅਡੀਸ਼ਨਲ ਮੈਨੇਜਰ ਚੈਚਲ ਸਿੰਘ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਬੇਰ ਸਾਹਿਬ, ਮੀਤ ਮੈਨੇਜਰ ਗੁਰਜੀਤ ਸਿੰਘ, ਭਾਈ ਮਨਦੀਪ ਸਿੰਘ ਖਿੰਡਾ, ਭੁਪਿੰਦਰ ਸਿੰਘ ਖਿੰਡਾ ਮਾਛੀ ਜੋਆ, ਜਥੇਦਾਰ ਹਰਜਿੰਦਰ ਸਿੰਘ ਖਾਲਸਾ ਪ੍ਰਧਾਨ, ਗੁਰਪ੍ਰੀਤ ਸਿੰਘ ਖਜਾਨਚੀ, ਹਰਪ੍ਰੀਤ ਸਿੰਘ ਸੋਢੀ ਪ੍ਰਧਾਨ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ, ਭਾਈ ਦਿਲਬਾਗ ਸਿੰਘ ਮੁੱਖ ਰਾਗੀ ਬੇਰ ਸਾਹਿਬ ਆਦਿ ਨੇ ਸ਼ਿਰਕਤ ਕੀਤੀ।
ਕਰਤਾਰਪੁਰ ਲਾਂਘਾ ਜਲਦ ਖੋਲ੍ਹਿਆ ਜਾਵੇ : ਐਡ. ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾਰਪੁਰ ਲਾਂਘਾ ਹੁਣ ਤੱਕ ਨਾ ਖੋਲ੍ਹੇ ਜਾਣ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਕਰਤਾਰਪੁਰ ਲਾਂਘਾ ਜਲਦ ਖੋਲ੍ਹਿਆ ਜਾਵੇ, ਤਾਂ ਜੋ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਇਜਲਾਸ ਦੌਰਾਨ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਮਤਾ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਇਸ ਸਬੰਧੀ ਸਰਕਾਰ ਨੂੰ ਜਲਦ ਹਾਂ-ਪੱਖੀ ਕਦਮ ਚੁੱਕਣੇ ਚਾਹੀਦੇ ਹਨ।