ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਭਗਵਾਨ ਵਾਲਮੀਕਿ ਧਰਮਸ਼ਾਲਾ ਪ੍ਰਬੰਧਕ ਕਮੇਟੀ ਸ਼ੇਖੂਪੁਰ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਮੰਦਿਰ ਸ਼ੇਖੂਪੁਰ ਤੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ । ਇਹ ਸ਼ੋਭਾ ਯਾਤਰਾ ਸ਼ੇਖੂਪੁਰ ਤੋਂ ਚੱਲ ਕੇ ਦੰਦੂਪੁਰ ਅਤੇ ਬਹੂਈ ਵਾਲੇ ਪਾਸੇ ਤੋਂ ਹੁੰਦੀ ਹੋਈ ਵਾਪਿਸ ਭਗਵਾਨ ਵਾਲਮੀਕਿ ਮੰਦਿਰ ਸ਼ੇਖੂਪੁਰ ਵਿਖੇ ਸਮਾਪਤ ਹੋਈ। ਥਾਂ ਥਾਂ ਉੱਪਰ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ। ਇਸ ਮੌਕੇ ਸ਼ੋਭਾ ਯਾਤਰਾ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ। ਰਾਣਾ ਗੁਰਜੀਤ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣ । ਅੱਜ ਇਥੇ ਸ਼ੇਖੂਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਜਾਈ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਸੱਚਾਈ ਦਾ ਸਾਥ ਦੇਣ ਤੇ ਅਨਿਆਂ ਵਿਰੁੱਧ ਸੰਘਰਸ਼ ਦੇ ਸੰਦੇਸ਼ ਅਨੁਸਾਰ ਵਰਤਮਾਨ ਸਮੇਂ ਦੀਆਂ ਸਮਾਜਿਕ ਬੁਰਾਈਆਂ ਵਿਰੁੱਧ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ । ਉਨਾਂ੍ਹ ਕੁਲ ਲੋਕਾਈ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਪੰਜਾਬ ਤੇ ਪੰਜਾਬ ਵਾਸੀਆਂ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ । ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਸੀਨੀਅਰ ਕੌਂਸਲਰ ਨਰਿੰਦਰ ਮਨਸੂ , ਕੌਂਸਲਰ ਹੈਪੀ ਅਰੋੜਾ ਤੇ ਹੋਰਨਾਂ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ੋਭਾ ਯਾਤਰਾ ਵਿਚ ਸ਼ਮੂਲੀਅਤ ਕੀਤੀ।