ਭਗਤ ਰਵਿਦਾਸ ਜੀ ਦੀ ਬਾਣੀ ਬਰਾਬਰਤਾ ਦਾ ਦਿੰਦੀ ਹੈ ਸੰਦੇਸ਼ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ
Publish Date: Sat, 14 Nov 2026 09:13 PM (IST)
Updated Date: Sat, 14 Nov 2026 09:15 PM (IST)
-ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਿਹਾ ਸਮਾਗਮ -ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪਹਿਲਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਜਾਤ-ਪਾਤ ਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਇਕ ਅਕਾਲ ਪੁਰਖ ਨਾਲ ਜੁੜਨ ਤੇ ਆਪਸੀ ਪ੍ਰੇਮ, ਸਤਿਕਾਰ ਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਗਤ ਸਾਹਿਬਾਨ ਦੀ ਰੱਬੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਕੇ ਸਮੁੱਚੀ ਮਨੁੱਖਤਾ ਨੂੰ ਇਹ ਸੰਦੇਸ਼ ਦਿੱਤਾ ਕਿ ਪਰਮਾਤਮਾ ਦੀ ਜੋਤ ਸਭ ਅੰਦਰ ਇਕੋ ਹੈ ਤੇ ਕਿਸੇ ਮਨੁੱਖ ਦੀ ਪਹਿਚਾਣ ਉਸ ਦੀ ਜਾਤ ਜਾਂ ਕੁਲ ਤੋਂ ਨਹੀਂ, ਸਗੋਂ ਉਸ ਦੇ ਕਰਮਾਂ ਤੇ ਕਰਤਾ ਪੁਰਖੁ ਨਾਲ ਜੁੜੀ ਭਾਵਨਾ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰਨਾ ਮਾਣ ਵਾਲੀ ਗੱਲ ਹੈ। ਇਹ ਸ਼ਤਾਬਦੀ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਜਗਤ ਤੇ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਵੱਲੋਂ ਆਪਸੀ ਪ੍ਰੇਮ ਅਤੇ ਇਕਜੁੱਟਤਾ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਹਿਤ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਤੇ 19 ਤੇ 20 ਫਰਵਰੀ 2027 ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਭਗਤ ਰਵਿਦਾਸ ਜੀ ਦੀ ਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ, ਜਾਤ-ਪਾਤ ਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਕ-ਦੂਜੇ ਦਾ ਸਤਿਕਾਰ ਕਰੀਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਘਰ ਨਿਮਾਣਿਆਂ ਨੂੰ ਮਾਣ ਦੇਣ ਤੇ ਸਮੁੱਚੀ ਮਨੁੱਖਤਾ ਨੂੰ ਪ੍ਰੇਮ ਦੀ ਗਲਵੱਕੜੀ ਵਿੱਚ ਲੈਣ ਵਾਲਾ ਘਰ ਹੈ। ਇਸ ਸ਼ਤਾਬਦੀ ਨੂੰ ਸਾਂਝੇ ਤੌਰ ’ਤੇ ਮਨਾਉਣਾ ਸਮਾਜਿਕ ਸਦਭਾਵਨਾ, ਪੰਥਕ ਏਕਤਾ ਤੇ ਮਨੁੱਖੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰ ਕੀਤੀ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਸੰਬੋਧਨ ਕੀਤਾ। ਸਮਾਗਮ ਮੌਕੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਜਦਕਿ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੁਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਅਵਤਾਰ ਸਿੰਘ, ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਗਿਆਨੀ ਹਰਜਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਬੂਲੇ, ਬਾਬਾ ਗੁਰਮੇਜ ਸਿੰਘ, ਬਾਬਾ ਵਜ਼ੀਰ ਦਾਸ, ਸੁਖਦੇਵ ਰਾਜ ਲੋਹੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।