ਬਿਆਸ ਦੇ ਕੰਢੇ ਐੱਨਡੀਆਰਐੱਫ ਸਮੇਤ ਵੱਖ-ਵੱਖ ਵਿਭਾਗਾਂ ਨੇ ਕੀਤੀ ਮੌਕ ਡਰਿੱਲ ਦਰਿਆ ਬਿਆਸ ਦੇ ਕੰਢੇ ਹੜ੍ਹਾਂ ਨਾਲ ਨਜਿੱਠਣ ਲਈ NDRF ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝੀ ਮੌਕ ਡਰਿੱਲ ਕੀਤੀ
Publish Date: Fri, 06 Nov 2026 10:09 PM (IST)
Updated Date: Sat, 07 Nov 2026 04:06 AM (IST)
ਅੰਮ੍ਰਿਤਪੁਰ ਨੇੜੇ ਹੜਾਂ ਸਬੰਧੀ ਬਚਾਅ ਕਾਰਜਾਂ ਦਾ ਕੀਤਾ ਅਭਿਆਸ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਨੇ ਨਿਭਾਈ ਅਹਿਮ ਭੂਮਿਕਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਰਸਾਤੀ ਮੌਸਮ ਦੌਰਾਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਣ ਵਾਲੀ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਅਤੇ ਕਿਸੇ ਵੀ ਐਮਰਜੈਂਸੀ ਮੌਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਮ੍ਰਿਤਪੁਰ ਨੇੜੇ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝੀ ਮੌਕ ਡਰਿੱਲ ਕੀਤੀ ਗਈ। ਇਸ ਅਭਿਆਸ ਵਿੱਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF), ਪੰਜਾਬ ਪੁਲਿਸ, ਸਿਹਤ ਵਿਭਾਗ ਅਤੇ ਭਾਰਤੀ ਫੌਜ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਹਿੱਸਾ ਲਿਆ। ਮੌਕ ਡਰਿੱਲ ਦੌਰਾਨ ਹੜ੍ਹਾਂ ਵਰਗੀ ਐਮਰਜੈਂਸੀ ਸਥਿਤੀ ਪੈਦਾ ਹੋਣ ’ਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ, ਪਾਣੀ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ, ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਸਬੰਧੀ ਵੱਖ-ਵੱਖ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ। ਇਸ ਦੌਰਾਨ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਅਤੇ ਐਮਰਜੈਂਸੀ ਸਮੇਂ ਤੁਰੰਤ ਕਾਰਵਾਈ ਕਰਨ ਦੀ ਸਮਰੱਥਾ ਨੂੰ ਵੀ ਪਰਖਿਆ ਗਿਆ। ਇਸ ਮੌਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਡੀਕਲ ਅਫ਼ਸਰ (SMO) ਡਾ. ਆਸ਼ੀਸ਼ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੀ ਸਰਗਰਮ ਸ਼ਮੂਲੀਅਤ ਕੀਤੀ। ਟੀਮ ’ਚ ਮੈਡੀਕਲ ਅਫ਼ਸਰ ਡਾ. ਪਿਯੂਸ਼, ਮਰਦ ਬਹੁ-ਮੰਤਵੀ ਸਿਹਤ ਕਰਮਚਾਰੀ ਰਣਜੀਤ ਸਿੰਘ ਅਤੇ ਜਤਿੰਦਰ ਸਿੰਘ ਤੋਂ ਇਲਾਵਾ ਐੱਸਡੀਐੱਚ ਸੁਲਤਾਨਪੁਰ ਲੋਧੀ ਦੇ ਐਂਬੂਲੈਂਸ ਡਰਾਈਵਰ ਜਸਵਿੰਦਰ ਸਿੰਘ ਸ਼ਾਮਲ ਸਨ।ਸਿਹਤ ਵਿਭਾਗ ਦੀ ਟੀਮ ਵੱਲੋਂ ਹੜ੍ਹਾਂ ਦੌਰਾਨ ਪ੍ਰਭਾਵਿਤ ਅਤੇ ਜ਼ਖ਼ਮੀ ਅਤੇ ਬੀਮਾਰ ਲੋਕਾਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਐਂਬੂਲੈਂਸ ਰਾਹੀਂ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਉਣ ਸਬੰਧੀ ਤਿਆਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਸਾਂਝੀ ਮੌਕ ਡਰਿੱਲ ਦਾ ਮੁੱਖ ਮਕਸਦ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਹੋਣ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਸਾਰੇ ਵਿਭਾਗ ਮਿਲ ਕੇ ਬਿਨਾਂ ਦੇਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਸਕਣ ।