ਸ਼ਹੀਦੀ ਸਮਾਗਮ ’ਚ ਕਪੂਰਥਲਾ ਦੇ ਨੌਜਵਾਨਾਂ ਕੀਤੀ ਸ਼ਮੂਲੀਅਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਪੂਰਥਲਾ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ
Publish Date: Mon, 28 Sep 2026 08:34 PM (IST)
Updated Date: Mon, 28 Sep 2026 08:36 PM (IST)
ਐਡਵੋਕੇਟ ਚੰਦੀ ਦੀ ਅਗਵਾਈ ’ਚ ਨੌਜਵਾਨਾਂ ਦਿਖਾਇਆ ਉਤਸ਼ਾਹ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਗਰਾਊਂਡ ਵਿਖੇ ਕਰਵਾਏ ਗਏ ਸਮਾਗਮ ’ਚ ਕਪੂਰਥਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਤੇ ਖਾਸ ਕਰਕੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਲਗਭਗ 5 ਬੱਸਾਂ ਤੇ 37 ਕਾਰਾਂ ਰਾਹੀਂ ਪਾਰਟੀ ਵਰਕਰਾਂ, ਸਮਰਥਕਾਂ ਤੇ ਨੌਜਵਾਨਾਂ ਨੇ ਲੁਧਿਆਣਾ ਵਿਖੇ ਹੋਣ ਵਾਲੇ ਇਸ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਸੋਚ ਤੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਮਹਾਨ ਯੋਗਦਾਨ ਨੂੰ ਯਾਦ ਕੀਤਾ। ਕਪੂਰਥਲਾ ਤੋਂ ਰਵਾਨਾ ਹੋਏ ਨੌਜਵਾਨਾਂ ਤੇ ਵਰਕਰਾਂ ਵਿੱਚ ਇਸ ਸਮਾਗਮ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪੂਰੇ ਜੋਸ਼ ਨਾਲ ਇਸ ਵਿੱਚ ਹਿੱਸਾ ਲਿਆ। ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਦਾ ਜੀਵਨ ਸਾਨੂੰ ਦੇਸ਼ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੇ ਵਿਚਾਰਾਂ ਨੂੰ ਯਾਦ ਕਰਨਾ ਤੇ ਉਨ੍ਹਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਲਈ ਯਤਨ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਕਪੂਰਥਲਾ ਤੋਂ ਇਸ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਵਰਕਰਾਂ, ਨੌਜਵਾਨਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਸਮਾਗਮਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਮਹੱਤਵਪੂਰਨ ਹੈ।