ਵਿਦਿਆਰਥੀਆਂ ਨੇ ਚੁੱਕੀ ਨਸ਼ਾ-ਮੁਕਤੀ ਦੀ ਸਹੁੰ ਦੀ ਹਾਕਵਰਲਡ ਸਕੂਲ ’ਚ ਨਸ਼ਿਆਂ ਖ਼ਿਲਾਫ਼ ਗੂੰਜੀ ਲਲਕਾਰ, ਵਿਦਿਆਰਥੀਆਂ ਨੇ ਚੁੱਕੀ ਨਸ਼ਾ-ਮੁਕਤ ਸਮਾਜ ਦੀ ਸਹੁੰ ਚੁੱਕੀ
Publish Date: Mon, 31 Aug 2026 09:58 PM (IST)
Updated Date: Mon, 31 Aug 2026 10:01 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਦੀ ਹਾਕਵਰਲਡ ਸਕੂਲ, ਤਲਵੰਡੀ ਚੌਧਰੀਆਂ ਵਿਖੇ ਬ੍ਰਹਮਾਕੁਮਾਰੀਜ਼ ਵੱਲੋਂ ਵਿਸ਼ੇਸ਼ ‘ਨਸ਼ਾ ਮੁਕਤੀ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਸਫਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ ਗਿਆ, ਜਦਕਿ ਵਿਦਿਆਰਥੀਆਂ ਨੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਹੁੰ ਵੀ ਚੁੱਕੀ। ਇਸ ਮੌਕੇ ਬ੍ਰਹਮਾਕੁਮਾਰੀਜ਼ ਲਕਸ਼ਮੀ ਦੀਦੀ, ਰਾਧਾ ਦੀਦੀ ਤੇ ਨੀਰਜ ਦੀਦੀ ਸਮੇਤ ਉਨ੍ਹਾਂ ਦੇ ਸਾਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬ੍ਰਹਮਾਕੁਮਾਰੀਜ਼ ਦੀਦੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਮਜ਼ਬੂਤ ਇੱਛਾ-ਸ਼ਕਤੀ ਨਾਲ ਨਸ਼ਿਆਂ ਨੂੰ ‘ਨਾ’ ਕਹਿਣਾ ਚਾਹੀਦਾ ਹੈ। ਉਨ੍ਹਾਂ ਚੰਗੀ ਸੰਗਤ, ਸਕਾਰਾਤਮਕ ਸੋਚ, ਖੇਡਾਂ, ਸਿਹਤਮੰਦ ਜੀਵਨਸ਼ੈਲੀ ਤੇ ਰਚਨਾਤਮਕ ਗਤੀਵਿਧੀਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਸਹੁੰ ਚੁਕਾਈ ਗਈ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਹੁੰ ਚੁੱਕਦਿਆਂ ਨਸ਼ਿਆਂ ਤੋਂ ਦੂਰ ਰਹਿਣ ਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਜਾਗਰੂਕ ਕਰਨ ਦਾ ਸੰਕਲਪ ਲਿਆ। ਸਕੂਲ ਦੇ ਪ੍ਰਧਾਨ ਕੈਪਟਨ ਤੇਜਿੰਦਰ ਸਿੰਘ ਨੇ ਬ੍ਰਹਮਾਕੁਮਾਰੀਜ਼ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਤੇ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ਵਿੱਚ ਆ ਜਾਵੇ ਤਾਂ ਇਸ ਦਾ ਅਸਰ ਸਿਰਫ਼ ਪਰਿਵਾਰ ’ਤੇ ਹੀ ਨਹੀਂ, ਸਗੋਂ ਸਮੁੱਚੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਸਕੂਲ ਦੇ ਉਪ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ ਹੈ। ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਤੇ ਸਮਾਜ ਦੇ ਹਰੇਕ ਵਰਗ ਨੂੰ ਮਿਲ ਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣੀ ਚਾਹੀਦੀ ਹੈ। ਸਕੂਲ ਦੀ ਪ੍ਰਿੰਸੀਪਲ ਸ਼ਵੇਤਾ ਮਹਿਤਾ ਨੇ ਬ੍ਰਹਮਾਕੁਮਾਰੀਜ਼ ਦੀਦੀਆਂ ਤੇ ਉਨ੍ਹਾਂ ਦੇ ਸਾਥੀਆਂ ਦਾ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਸਬੰਧੀ ਕੀਮਤੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਕੂਲ ਦੀਆਂ ਅਧਿਆਪਕਾਵਾਂ ਵਰਸ਼ਾ, ਮਨਪ੍ਰੀਤ, ਪਿੰਕੀ, ਕੁਲਦੀਪ, ਜਸਵੀਰ, ਅਰਚਨਾ ਤੇ ਸਰਬਜੀਤ ਨੇ ਵਿਸ਼ੇਸ਼ ਸਹਿਯੋਗ ਦਿੱਤਾ।