ਬ੍ਰਹਮਗਿਆਨੀ ਭਾਈ ਲਾਲੂ ਜੀ ਦੇ ਜੋੜ ਮੇਲੇ ਮੌਕੇ ਡੱਲਾ ਵਿਖੇ ਸੁੰਦਰ ਨਗਰ ਕੀਰਤਨ ਸਜਾਇਆ ਬ੍ਰਹਮਗਿਆਨੀ ਭਾਈ ਲਾਲੂ ਜੀ ਦੇ ਜੋੜ ਮੇਲੇ ਮੌਕੇ ਡੱਲਾ ਵਿਖੇ ਸੁੰਦਰ ਨਗਰ ਕੀਰਤਨ ਸਜਾਇਆ
Publish Date: Fri, 09 Oct 2026 08:28 PM (IST)
Updated Date: Fri, 09 Oct 2026 08:29 PM (IST)
ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬ੍ਰਹਮ ਗਿਆਨੀ ਭਾਈ ਲਾਲੂ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਇਤਿਹਾਸਕ ਨਗਰ ਡੱਲਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਸਮੇਂ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ, ਗੁਰਦੁਆਰਾ ਬਾਉਲੀ ਸਾਹਿਬ ਜੀ ਤੇ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਬਾਉਲੀ ਸਾਹਿਬ ’ਚ ਇਸ਼ਨਾਨ ਕਰਕੇ ਤੇ ਗੁਰੂ ਘਰਾਂ ’ਚ ਨਤਮਸਤਕ ਹੋ ਰਹੀਆਂ ਹਨ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਮੌਕੇ ਸਮੂਹ ਗੁਰਦੁਆਰਾ ਸਾਹਿਬਾਨ ’ਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਕਥਾ ਵਾਚਕ, ਰਾਗੀ ਤੇ ਢਾਡੀ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਗਿਆ। ਜੋੜ ਮੇਲੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਭਾ ਸੁਸਾਇਟੀਆਂ ਤੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੈਂਡ ਦੀਆਂ ਧਾਰਮਿਕ ਧੁੰਨਾਂ ਨਾਲ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਸਾਹਿਬ ਤੋਂ ਸਜਾਇਆ ਗਿਆ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸੰਪੰਨ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਮੌਕੇ ਇਲਾਕੇ ਭਰ ਦੀਆਂ ਸਮੂਹ ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਰਾਜਨੀਤਿਕ ਆਗੂਆਂ ਤੇ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ। ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਇਸ ਮਹਾਨ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ। ਇਸ ਮੌਕੇ ਸਭਾ ਸੁਸਾਇਟੀਆਂ ਦੀਆਂ ਸੰਗਤਾਂ ਵੱਲੋਂ ਹਰਿ ਜਸੁ ਕੀਰਤਨ ਕੀਤਾ ਗਿਆ। ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਸਜਾਏ ਗਏ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੁਰਜੀਤ ਸਿੰਘ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵੱਲੋਂ ਕੀਤੀ ਗਈ। ਇਸ ਮੌਕੇ ਐੱਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਮੈਂਬਰ ਐੱਸਜੀਪੀਸੀ ਬੀਬੀ ਗੁਰਪ੍ਰੀਤ ਕੌਰ ਰੂਹੀ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਜੱਗਾ ਸਿੰਘ, ਸੱਜਣ ਸਿੰਘ ਚੀਮਾ ਆਪ ਹਲਕਾ ਇੰਚਾਰਜ, ਹਰਜਿੰਦਰ ਸਿੰਘ ਹੈੱਡ ਗ੍ਰੰਥੀ, ਜਥੇਦਾਰ ਹਰਜਿੰਦਰ ਸਿੰਘ ਵਿਰਕ, ਕੁਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਦਿਲਬਾਗ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ, ਜਿਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ’ਚ ਕੀਰਤਨੀ ਜਥਿਆਂ ਤੇ ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਤੇ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਤੋਂ ਉਪਰੰਤ ਅੱਜ ਸ਼ਾਮ 6 ਵਜੇ ਤੋਂ ਕੀਰਤਨ ਦਰਬਾਰ ਸਜਾਇਆ ਜਾਵੇਗਾ ਜੋ ਅਗਲੇ ਦਿਨ ਮੱਸਿਆ ਤੇ ਸ਼ਾਮ 4 ਵਜੇ ਤੱਕ ਚੱਲੇਗਾ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਜਿੱਥੇ ਹਾਜ਼ਰੀਆਂ ਭਰੀਆਂ, ਉਥੇ ਗੁਰੂ ਘਰ ਤੋਂ ਸੇਵਾ ਦਾ ਲਾਹਾ ਵੀ ਪ੍ਰਾਪਤ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਸੰਦੀਪ ਸਿੰਘ, ਜਥੇਦਾਰ ਇੰਦਰ ਸਿੰਘ, ਕਥਾਵਾਚਕ ਭਾਈ ਅਮਨਦੀਪ ਸਿੰਘ, ਹਰਪ੍ਰਿਤਪਾਲ ਸਿੰਘ ਵਿਰਕ, ਨੰਬਰਦਾਰ ਜਤਿੰਦਰਜੀਤ ਸਿੰਘ, ਹਰਜਿੰਦਰ ਸਿੰਘ ਜਹਾਂਗੀਰ, ਰਣਜੀਤ ਸਿੰਘ ਠੱਟਾ,ਬੀਬੀ ਬਲਜੀਤ ਕੌਰ ਕਮਾਲਪੁਰ, ਜਗੀਰ ਸਿੰਘ ਸਮੈਲਪੁਰ, ਬਘੇਲ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।