ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ
Publish Date: Sun, 30 Aug 2026 08:02 PM (IST)
Updated Date: Sun, 30 Aug 2026 08:04 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ, ਐੱਨਐੱਸਐੱਸ ਯੂਨਿਟ ਤੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮੌਕੇ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਤੇ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਨਿਯਮਤ ਕਸਰਤ ਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਮੈਰਾਥਨ ਦੌੜ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਇਹ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਸਕਾਰਾਤਮਕ ਸੋਚ ਦਾ ਵਿਕਾਸ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਅਮਰੀਕ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਸਪੋਰਟਸ ਡੇਅ ਦੀ ਮਹੱਤਤਾ ਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਤੇ ਵਿਅਕਤੀਤਵ ਦੇ ਸਰਵਪੱਖੀ ਵਿਕਾਸ ਲਈ ਵੀ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਕਿਸੇ ਨਾ ਕਿਸੇ ਖੇਡ ਜਾਂ ਸਰੀਰਕ ਗਤੀਵਿਧੀ ਨੂੰ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਮੈਰਾਥਨ ਦੌੜ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਅਨੁਸ਼ਾਸਨ ਨਾਲ ਦੌੜ ਵਿੱਚ ਹਿੱਸਾ ਲੈਂਦਿਆਂ ਖੇਡਾਂ ਪ੍ਰਤੀ ਆਪਣੀ ਰੁਚੀ ਤੇ ਜਜ਼ਬੇ ਦਾ ਪ੍ਰਗਟਾਵਾ ਕੀਤਾ। ਸਮਾਗਮ ਦੇ ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਮੂਹ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਗਰਮ ਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਵਿਸ਼ਾਲ ਸ਼ੁਕਲਾ, ਪ੍ਰੋ. ਮਨਮੋਹਨ ਕੁਮਾਰ, ਪ੍ਰੋ. ਵਰਿੰਦਰ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਵੀ ਹਾਜ਼ਰ ਸਨ।