ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ਰੋਸ ਧਰਨਾ 5 ਨੂੰ : ਮੋਨਿਕਾ ਸ਼ਰਮਾ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਹੋਵੇਗਾ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ : ਮੋਨਿਕਾ ਸ਼ਰਮਾ
Publish Date: Wed, 02 Sep 2026 07:16 PM (IST)
Updated Date: Thu, 03 Sep 2026 04:01 AM (IST)
ਕੈਪਸ਼ਨ-02ਪੀਐਚਜੀ14 ਫਗਵਾੜਾ ਵਿਖੇ ਗੱਲਬਾਤ ਕਰਦੇ ਹੋਏ ਏਡਿਡ ਸਕੂਲ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ, ਬਲਵਿੰਦਰ ਕੌਰ ਅਤੇ ਹੋਰ। ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਏਡਿਡ ਸਕੂਲ ਯੂਨੀਅਨ ਪੰਜਾਬ ਵੱਲੋਂ 5 ਸਤੰਬਰ, ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਧਰਨਾ ਸਵੇਰੇ 10 ਵਜੇ ਗੰਭੀਰਪੁਰ, ਆਨੰਦਪੁਰ ਸਾਹਿਬ–ਨੰਗਲ ਰੋਡ ਵਿਖੇ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡਿਡ ਸਕੂਲ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਕੌਰ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵੱਲੋਂ ਇਹ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੋਨਿਕਾ ਸ਼ਰਮਾ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਵਿਭਾਗ ਅਤੇ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਪੀ.ਪੀ.ਓ. ਜਾਰੀ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਇਆ ਏਰੀਅਰ ਜਾਰੀ ਕਰਨ ਸਮੇਤ ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਯੂਨੀਅਨ ਵੱਲੋਂ ਲਗਾਤਾਰ ਸਰਕਾਰ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰਾਂ ਦੇ ਰੋਜ਼ਾਨਾ ਖਰਚੇ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣੀਆਂ ਮੁਸ਼ਕਲ ਹੋ ਗਈਆਂ ਹਨ। ਮੋਨਿਕਾ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨਾ ਪੈਣਾ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਹੋਰ ਦੇਰੀ ਦੇ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੀ.ਪੀ.ਓਜ਼ ਅਤੇ ਏਰੀਅਰ ਜਾਰੀ ਕਰੇ। ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਕੌਰ ਨੇ ਦੱਸਿਆ ਕਿ 5 ਸਤੰਬਰ ਦੇ ਰੋਸ ਧਰਨੇ ਵਿੱਚ ਸੂਬੇ ਭਰ ਤੋਂ ਅਧਿਆਪਕ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਹਰ ਜ਼ਿਲ੍ਹੇ ਵੱਲੋਂ ਆਪਣੇ ਪੱਧਰ ’ਤੇ ਰੋਸ ਪ੍ਰਦਰਸ਼ਨ ਦੀ ਪੂਰੀ ਤਿਆਰੀ ਕਰਕੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਅਧਿਆਪਕ ਅਤੇ ਕਰਮਚਾਰੀ ਕਾਲੇ ਕੱਪੜੇ ਪਾ ਕੇ ਅਤੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨਗੇ। ਦੋਵਾਂ ਆਗੂਆਂ ਨੇ ਕਪੂਰਥਲਾ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਯੂਨੀਅਨ ਦੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਅਤੇ ਭਵਿੱਖ ਦੀ ਰੱਖਿਆ ਲਈ 5 ਸਤੰਬਰ ਨੂੰ ਸਵੇਰੇ 10 ਵਜੇ ਗੰਭੀਰਪੁਰ ਵਿਖੇ ਵੱਡੀ ਗਿਣਤੀ ਵਿੱਚ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਏਕਤਾ ਅਤੇ ਸੰਘਰਸ਼ ਦੀ ਤਾਕਤ ਨਾਲ ਹੀ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕਦਾ ਹੈ।