ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ 19 ਨੂੰ ਪਾਏ ਜਾਣਗੇ
ਚਾਰ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਸਬੰਧੀ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ
Publish Date: Sun, 29 Mar 2026 09:30 PM (IST)
Updated Date: Sun, 29 Mar 2026 09:32 PM (IST)

ਚਾਰ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਕੀਤੀ ਮੀਟਿੰਗ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਅੰਗਦ ਦੇਵ ਜੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਦੀ ਤਿਆਰੀਆਂ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਸਵਿੰਦਰ ਸਿੰਘ ਬੱਤਰਾ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਹਰਜੀਤ ਸਿੰਘ ਭਾਟੀਆ, ਨਵਜੀਤ ਸਿੰਘ ਰਾਜੂ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 7 ਤੇ 9 ਅਪ੍ਰੈਲ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਭਾਈ ਵਰਿਆਮ ਸਿੰਘ ਕਪੂਰ, ਭਾਈ ਪਲਵਿੰਦਰ ਸਿੰਘ ਸਾਰੰਗ ਅਤੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਲੜੀ ਤਹਿਤ ਖਾਲਸਾ ਸਾਜਨਾ ਦਿਵਸ ਸਬੰਧੀ 12 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 14 ਅਪ੍ਰੈਲ ਨੂੰ ਸਵੇਰੇ 11 ਵਜੇ ਪਾਏ ਜਾਣਗੇ, ਉਪਰੰਤ ਦੁਪਹਿਰ 3 ਵਜੇ ਤੱਕ ਕੀਰਤਨ ਸਮਾਗਮ ਹੋਣਗੇ। ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੀ 18 ਅਪ੍ਰੈਲ ਨੂੰ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਹੋਣਗੇ, ਇਸੇ ਲੜੀ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਵੱਲੋਂ 19 ਅਪ੍ਰੈਲ, ਐਤਵਾਰ ਸਵੇਰੇ 9 ਵਜੇ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ। ਉਪਰੰਤ ਦੁਬਾਰਾ ਫਿਰ ਸ੍ਰੀ ਸਹਿਜ ਪਾਠ ਆਰੰਭ ਹੋਣਗੇ। ਸਮਾਗਮਾਂ ਦੀ ਲੜੀ ਤਹਿਤ 30 ਅਪ੍ਰੈਲ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਮੀਟਿੰਗ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਸੁਝਾਅ ਵੀ ਦਿੱਤੇ। ਮੀਟਿੰਗ ਵਿਚ ਹਾਜ਼ਰ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਇੰਚਾਰਜ ਭਾਈ ਕੁਲਵਿੰਦਰ ਸਿੰਘ ਤੇ ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਸਮੂਹ ਸੰਗਤਾਂ ਨੂੰ ਸਾਰੇ ਹੀ ਸਮਾਗਮਾਂ ਵਿਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਤੇ ਦੱਸਿਆ ਕਿ ਅਪ੍ਰੈਲ ਮਹੀਨੇ ਦੇ ਇਹ ਸਾਰੇ ਹੀ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਣਗੇ। ਇਸ ਮੌਕੇ ਚਰਨਜੀਤ ਸਿੰਘ ਵਾਲੀਆ, ਵਰਿਆਮ ਸਿੰਘ ਕਪੂਰ, ਦਵਿੰਦਰ ਸਿੰਘ ਦੇਵ, ਮਨਜੀਤ ਸਿੰਘ, ਜਸਬੀਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਸੁਖਰਾਜ ਸਿੰਘ, ਨਵਜੀਤ ਸਿੰਘ ਰਾਜੂ, ਹਰਦਿਆਲ ਸਿੰਘ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਮਨਮੋਹਨ ਸਿੰਘ, ਮਨਪ੍ਰੀਤ ਸਿੰਘ ਮਨੀ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ ਬਿੱਟੂ, ਅਮਰਜੀਤ ਸਿੰਘ ਥਿੰਦ, ਜਸਪਾਲ ਸਿੰਘ ਖੁਰਾਣਾ, ਜੋਧ ਸਿੰਘ, ਰਛਪਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਉਪਿੰਦਰ ਸਿੰਘ, ਜਸਬੀਰ ਸਿੰਘ ਖ਼ਾਲਸਾ, ਅਜੀਤ ਸਿੰਘ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸਵਰਨ ਸਿੰਘ ਸਮੇਤ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਹਾਜ਼ਰ ਸਨ।