ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵੱਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵੱਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ
Publish Date: Sun, 22 Nov 2026 07:07 PM (IST)
Updated Date: Sun, 22 Nov 2026 07:10 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਤੇ ਪੰਜ ਪਿਆਰਿਆਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਬੈਂਡ ਟੀਮ ਨੇ ਆਪਣੀ ਮਨਮੋਹਕ ਪੇਸ਼ਕਾਰੀ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ, ਜਦਕਿ ਸੀਨੀਅਰ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸਮੁੱਚੇ ਵਾਤਾਵਰਨ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਅਦਾਰੇ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ। ਬੀਬੀ ਗੁਰਪ੍ਰੀਤ ਕੌਰ ਤੇ ਇੰਜ. ਸਵਰਨ ਸਿੰਘ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਲਾਕੇ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਬੜੇ ਪਿਆਰ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਸਕੂਲ ਮੈਨੇਜਮੈਂਟ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਲਈ ਚਾਹ-ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ।