ਫਗਵਾੜਾ ’ਚ ਦਿਖਣ ਲੱਗਾ ਵਿਕਾਸ ਦਾ ਨਵਾਂ ਦੌਰ : ਗੁਰਸ਼ਰਨ ਸਿੰਘ ਫਗਵਾੜਾ ’ਚ ਦਿਖਣ ਲੱਗਾ ਵਿਕਾਸ ਦਾ ਨਵਾਂ ਦੌਰ : ਗੁਰਸ਼ਰਨ ਸਿੰਘ
Publish Date: Sat, 29 Aug 2026 08:17 PM (IST)
Updated Date: Sat, 29 Aug 2026 08:19 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਹਲਕੇ ਅੰਦਰ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ ਤੇ ਸ਼ਹਿਰ ਸਮੇਤ ਪਿੰਡਾਂ ਦੀ ਨੁਹਾਰ ਬਦਲਦੀ ਦਿਖਾਈ ਦੇ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦ ਯੂਥ ਕਲੱਬ ਫਗਵਾੜਾ ਦੇ ਪ੍ਰਧਾਨ ਗੁਰਸ਼ਰਨ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਅਮਰਦੀਪ ਸਿੰਘ ਬੱਲ ਨੇ ਕੀਤਾ। ਗੁਰਸ਼ਰਨ ਸਿੰਘ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਦੇ ਹਲਕਾ ਇੰਚਾਰਜ ਬਣਨ ਨੂੰ ਹਾਲੇ ਕੁਝ ਹੀ ਮਹੀਨੇ ਹੋਏ ਹਨ, ਪਰ ਫਗਵਾੜਾ ਦੇ ਵੱਖ-ਵੱਖ ਵਾਰਡਾਂ ਤੇ ਪਿੰਡਾਂ ਵਿੱਚ ਵਿਕਾਸ ਦੀਆਂ ਨਵੀਆਂ ਲੀਹਾਂ ਸਥਾਪਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਗਵਾੜਾ-ਪਲਾਹੀ ਰੋਡ, ਫਗਵਾੜਾ-ਬੰਗਾ ਰੋਡ ਸਮੇਤ ਪਿੰਡਾਂ ਦੀਆਂ ਸੜਕਾਂ ਨੂੰ 18 ਫੁੱਟ ਤੱਕ ਚੌੜਾ ਕਰਨ ਵਰਗੇ ਕੰਮਾਂ ਲਈ ਪਹਿਲੀ ਵਾਰ ਕਿਸੇ ਆਗੂ ਵੱਲੋਂ ਡਟ ਕੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡਾ. ਚੱਬੇਵਾਲ ਵੱਲੋਂ ਸ਼ਹਿਰ ਤੇ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਕਾਰਨ ਆਮ ਲੋਕਾਂ ਵਿੱਚ ਵੀ ਉਨ੍ਹਾਂ ਪ੍ਰਤੀ ਭਰੋਸਾ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਲੋਕਾਂ ਵਿੱਚ ਹੁਣ ਤੋਂ ਹੀ ਚਰਚਾ ਸ਼ੁਰੂ ਹੋ ਚੁੱਕੀ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਆਪਣਾ ਮਨ ਬਣਾ ਰਹੇ ਹਨ।