ਨਸ਼ਾ ਪ੍ਰਭਾਵਿਤ ਪਿੰਡਾਂ ’ਚ ਨਸ਼ਾ ਮੁਕਤ ਭਵਿੱਖ ਵੱਲ ਨਵੀਂ ਪਹਿਲ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਖੇਡਾਂ, ਰੁਜ਼ਗਾਰ ਅਤੇ ਨਸ਼ਾ ਮੁਕਤ ਭਵਿੱਖ ਵੱਲ ਨਵੀਂ ਪਹਿਲ
Publish Date: Sat, 14 Nov 2026 09:24 PM (IST)
Updated Date: Sat, 14 Nov 2026 09:27 PM (IST)
-ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਚਾਇਤਾਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਖੇਡਾਂ, ਸਵੈ-ਰੁਜ਼ਗਾਰ ਅਤੇ ਨਸ਼ਾ ਛੁਡਾਊ ਮੁੜ ਵਸੇਬੇ ਨਾਲ ਜੋੜਨ ਦੇ ਉਪਰਾਲੇ -ਖੇਡ ਮੈਦਾਨ, ਜਿਮ, ਸੀਸੀਟੀਵੀ ਕੈਮਰੇ, ਸਟਰੀਟ ਲਾਈਟਾਂ ਤੇ ਪੁਲਿਸ ਦੀ ਗਸ਼ਤ ‘ਚ ਤੇਜ਼ੀ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇਗੀ ਮਜ਼ਬੂਤੀ ਅਮਰੀਕ ਮੱਲ੍ਹੀ\ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਾਂਝੇ ਯਤਨਾਂ ਸਦਕਾ ਬਦਲਾਅ ਦੀ ਨਵੀਂ ਤਸਵੀਰ ਉੱਭਰ ਰਹੀ ਹੈ। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਸਮੇਤ ਪਿੰਡ ਬੂਟ, ਲੱਖਣ ਖੋਲੇ, ਹਮੀਰਾ ਤੇ ਡੋਗਰਾਂਵਾਲ ਦਾ ਦੌਰਾ ਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ, ਹੁਨਰ ਵਿਕਾਸ ਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਕਈ ਵਿਕਾਸਮੁਖੀ ਤੇ ਲੋਕ-ਪੱਖੀ ਪਹਿਲਕਦਮੀਆਂ ਦਾ ਐਲਾਨ ਕੀਤਾ। ਪਿੰਡ ਬੂਟ ਵਿੱਚ ਵਾਲੀਬਾਲ, ਬਾਸਕਟਬਾਲ, ਦੌੜਨ ਲਈ ਟਰੈਕ ਤੇ ਹੋਰ ਖੇਡ ਗਤੀਵਿਧੀਆਂ ਦੀਆਂ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਧੁਨਿਕ ਸਹੂਲਤਾਂ ਤੇ ਨਵੇਂ ਉਪਕਰਨਾਂ ਨਾਲ ਲੈਸ ਜਿਮ ਵੀ ਸਥਾਪਿਤ ਕੀਤਾ ਜਾਵੇਗਾ। ਪਿੰਡ ਦੇ 11 ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਤੇ ਹੋਰਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਸਵੈ-ਰੁਜ਼ਗਾਰ ਕਰਜ਼ੇ ਮੁਹੱਈਆ ਕਰਵਾਉਣ ਵਿੱਚ ਵੀ ਪ੍ਰਸ਼ਾਸਨ ਵੱਲੋਂ ਸਹਾਇਤਾ ਕੀਤੀ ਜਾਵੇਗੀ। ਪਿੰਡ ਵਿੱਚ ਪਹਿਲਾਂ ਹੀ ਓਪਨ ਜਿਮ ਸਥਾਪਿਤ ਕੀਤਾ ਜਾ ਚੁੱਕਾ ਹੈ, ਜਦਕਿ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੇ ਯਤਨਾਂ ਸਦਕਾ ਇਨ੍ਹਾਂ ਪਿੰਡਾਂ ਵਿੱਚ ਹਾਂ-ਪੱਖੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੌਜੂਦਗੀ ਵਿੱਚ ਪਿੰਡ ਵਾਸੀਆਂ ਤੇ ਪੰਚਾਇਤੀ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ ਤੇ ਨਸ਼ਿਆਂ ਵਿਰੁੱਧ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਸਟਰੀਟ ਲਾਈਟਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਦਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਦੀ ਗਸ਼ਤ ਪਹਿਲਾਂ ਹੀ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਪਛਾਣੇ ਗਏ ਵਿਅਕਤੀਆਂ ਨੂੰ ਢੁੱਕਵਾਂ ਡਾਕਟਰੀ ਇਲਾਜ, ਕਾਊਂਸਲਿੰਗ ਤੇ ਸਿਹਤਯਾਬੀ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਾਸਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੂਰਾ ਸਹਿਯੋਗ ਦੇਣ ਤੇ ਵਿਕਾਸ ਤੇ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ, ਪੁਲਿਸ, ਪੰਚਾਇਤਾਂ ਤੇ ਸਥਾਨਕ ਵਸਨੀਕਾਂ ਦੇ ਸਾਂਝੇ, ਸੁਚੱਜੇ ਤੇ ਨਿਰੰਤਰ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਤੇ ਨੌਜਵਾਨਾਂ ਦਾ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ।