ਯੂਨੀਵਰਸਿਟੀ ਕਾਲਜ ’ਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਕਾਲਜ ਵਿਖੇ ‘ਟ੍ਰਾਂਸਜੈਂਡਰ ਐਕਟ-2019’ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Mon, 09 Nov 2026 09:22 PM (IST)
Updated Date: Mon, 09 Nov 2026 09:23 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਗੁਰੂਆਂ ਦੀ ਪਵਿੱਤਰ ਧਰਤੀ ’ਤੇ ਸਥਿਤ ਪ੍ਰਮੁੱਖ ਵਿੱਦਿਅਕ ਅਦਾਰੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਐੱਨਐੱਸਐੱਸ ਯੂਨਿਟ ਵੱਲੋਂ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਟ੍ਰਾਂਸਜੈਂਡਰ ਵਿਅਕਤੀ (ਅਧਿਕਾਰਾਂ ਦੀ ਸੁਰੱਖਿਆ) ਐਕਟ, 2019’ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਟ੍ਰਾਂਸਜੈਂਡਰ ਵਿਅਕਤੀਆਂ ਦੇ ਅਧਿਕਾਰਾਂ, ਸਮਾਜਿਕ ਸਨਮਾਨ ਤੇ ਸਮਾਨਤਾ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਸਮਾਜ ਵਿੱਚ ਟ੍ਰਾਂਸਜੈਂਡਰ ਵਿਅਕਤੀਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੂੰ ਵੀ ਹੋਰਨਾਂ ਨਾਗਰਿਕਾਂ ਵਾਂਗ ਬਰਾਬਰ ਦੇ ਅਧਿਕਾਰ, ਸਨਮਾਨ ਤੇ ਮੌਕੇ ਮਿਲਣੇ ਚਾਹੀਦੇ ਹਨ। ਨਾਲ ਹੀ ਇਸ ਐਕਟ ਅਧੀਨ ਪ੍ਰਾਪਤ ਕਾਨੂੰਨੀ ਸੁਰੱਖਿਆ ਤੇ ਅਧਿਕਾਰਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਮੰਤਵ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ-ਨਾਲ ਇੱਕ ਸੰਵੇਦਨਸ਼ੀਲ, ਜ਼ਿੰਮੇਵਾਰ ਤੇ ਸਮਾਨਤਾਪੂਰਨ ਸਮਾਜ ਦੀ ਸਿਰਜਣਾ ਲਈ ਤਿਆਰ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਉਸਦੀ ਪਛਾਣ ਤੋਂ ਉੱਪਰ ਉੱਠ ਕੇ ਸਤਿਕਾਰ ਅਤੇ ਬਰਾਬਰ ਦੇ ਅਧਿਕਾਰ ਮਿਲਣੇ ਚਾਹੀਦੇ ਹਨ। ਕਿਸੇ ਵੀ ਵਿਅਕਤੀ ਨਾਲ ਲਿੰਗਕ ਪਛਾਣ ਦੇ ਆਧਾਰ ’ਤੇ ਭੇਦਭਾਵ ਕਰਨਾ ਸਮਾਜਿਕ ਤਰੱਕੀ ਵਿੱਚ ਰੁਕਾਵਟ ਹੈ। ਇਸ ਮੌਕੇ ਐੱਨਐੱਸਐੱਸ ਇੰਚਾਰਜ ਪ੍ਰੋ. ਕੁਲਦੀਪ ਕੌਰ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਵਿੱਚ ਸਮਾਨਤਾ, ਸੰਵੇਦਨਸ਼ੀਲਤਾ ਤੇ ਆਪਸੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਵਿਦਿਆਰਥੀਆਂ ਨੇ ਇਸ ਮਹੱਤਵਪੂਰਨ ਕਾਨੂੰਨੀ ਤੇ ਸਮਾਜਿਕ ਵਿਸ਼ੇ ਨੂੰ ਬਹੁਤ ਗੰਭੀਰਤਾ ਤੇ ਰੁਚੀ ਨਾਲ ਸੁਣਿਆ।