ਮੌਲਿਕ ਅਧਿਕਾਰਾਂ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਮੌਲਿਕ ਅਧਿਕਾਰਾਂ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ
Publish Date: Sun, 25 Oct 2026 08:36 PM (IST)
Updated Date: Sun, 25 Oct 2026 08:40 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਤੇ ਨਾਗਰਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਮੌਲਿਕ ਅਧਿਕਾਰ’ ਵਿਸ਼ੇ ’ਤੇ ਵਿਸ਼ੇਸ਼ ਮਹਿਮਾਨ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਗੁਰੂ ਨਾਨਕ ਕਾਲਜ, ਸੁਖਚੈਨਆਣਾ ਸਾਹਿਬ, ਫਗਵਾੜਾ ਦੇ ਪ੍ਰੋਫੈਸਰ ਯਾਦਵਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਭਾਸ਼ਣ ਦੌਰਾਨ ਪ੍ਰੋਫੈਸਰ ਯਾਦਵਿੰਦਰ ਸਿੰਘ ਨੇ ਭਾਰਤੀ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਾਨਤਾ ਦਾ ਅਧਿਕਾਰ, ਆਜ਼ਾਦੀ ਦਾ ਅਧਿਕਾਰ, ਸ਼ੋਸ਼ਣ ਵਿਰੁੱਧ ਅਧਿਕਾਰ, ਧਾਰਮਿਕ ਆਜ਼ਾਦੀ ਦਾ ਅਧਿਕਾਰ, ਸੱਭਿਆਚਾਰਕ ਅਤੇ ਵਿੱਦਿਅਕ ਅਧਿਕਾਰਾਂ ਤੇ ਸੰਵਿਧਾਨਕ ਇਲਾਜਾਂ ਦੇ ਅਧਿਕਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਤੇ ਆਪਣੇ ਫ਼ਰਜ਼ਾਂ ਨੂੰ ਵੀ ਸਮਝਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੌਲਿਕ ਅਧਿਕਾਰ ਹਰ ਨਾਗਰਿਕ ਦੀ ਆਜ਼ਾਦੀ, ਸਮਾਨਤਾ ਤੇ ਸਨਮਾਨਪੂਰਨ ਜੀਵਨ ਦੀ ਨੀਂਹ ਹਨ। ਇਨ੍ਹਾਂ ਅਧਿਕਾਰਾਂ ਬਾਰੇ ਜਾਣਕਾਰੀ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਦੀ ਰਾਖੀ ਕਰਨ ਤੇ ਇੱਕ ਜਾਗਰੂਕ ਤੇ ਜ਼ਿੰਮੇਵਾਰ ਨਾਗਰਿਕ ਬਣਨ ਵਿੱਚ ਸਹਾਈ ਹੁੰਦੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸੰਵਿਧਾਨਕ ਅਧਿਕਾਰਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਨੇ ਅਜਿਹੇ ਅਕਾਦਮਿਕ ਉਪਰਾਲਿਆਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਾਲਜ ਵਿਦਿਆਰਥਣਾਂ ਦੇ ਬੌਧਿਕ ਵਿਕਾਸ ਤੇ ਸਰਵਪੱਖੀ ਉੱਨਤੀ ਲਈ ਨਿਰੰਤਰ ਯਤਨਸ਼ੀਲ ਹੈ। ਅੰਤ ਵਿੱਚ ਮਹਿਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।