ਲਾਇਲਪੁਰ ਖ਼ਾਲਸਾ ਕਾਲਜ ’ਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨੌਜ਼ਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਵੋਟਰ ਨਾਮਾਂਕਨ ਕੈਂਪ ਲਗਾਇਆ
Publish Date: Tue, 08 Sep 2026 09:15 PM (IST)
Updated Date: Tue, 08 Sep 2026 09:16 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਰੈੱਡ ਰਿਬਨ ਕਲੱਬ ਤੇ ਐੱਨਐੱਸਐੱਸ ਯੂਨਿਟ ਵੱਲੋਂ ਸਾਂਝੇ ਤੌਰ ’ਤੇ ਐੱਸਆਈਆਰ ਦੇ ਤਹਿਤ ਨੌਜਵਾਨ ਵੋਟਰਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ, ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਤੇ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਬੂਥ ਲੈਵਲ ਅਫ਼ਸਰ ਅਰਬਨ ਅਸਟੇਟ ਕਪੂਰਥਲਾ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਤੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਤੇ ਵੋਟਾਂ ਨਾਲ ਸਬੰਧਤ ਵਿਹਾਰਕ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੋਟਰ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਤੇ ਉਨ੍ਹਾਂ ਦੀ ਵੋਟਰ ਵਜੋਂ 100 ਫੀਸਦੀ ਰਜਿਸਟ੍ਰੇਸ਼ਨ ਲੋਕਤੰਤਰਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦੀ ਹੈ।