ਸੁਲਤਾਨਪੁਰ ਲੋਧੀ ਦੇ ਸਰਕਾਰੀ ਸਕੂਲ ’ਚ ਬਣੇਗੀ ਅਤਿ-ਆਧੁਨਿਕ ਲਾਇਬ੍ਰੇਰੀ ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ 3.67 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ-ਆਧੁਨਿਕ ਲਾਇਬ੍ਰੇਰੀ
Publish Date: Mon, 02 Nov 2026 07:11 PM (IST)
Updated Date: Mon, 02 Nov 2026 07:14 PM (IST)
--ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰੇਗੀ ਲਾਇਬ੍ਰੇਰੀ --ਪ੍ਰਾਜੈਕਟ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ, 3.67 ਕਰੋੜ ਦੀ ਲਾਗਤ ਆਏਗੀ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੁਲਤਾਨਪੁਰ ਲੋਧੀ ਸਮਾਰਟ ਸਿਟੀ ਦੀ ਕਾਰਜਕਾਰੀ ਕਮੇਟੀ ਵੱਲੋਂ ਪਵਿੱਤਰ ਸ਼ਹਿਰ ਵਿੱਚ 3.67 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਲਾਇਬ੍ਰੇਰੀ ਦੀ ਉਸਾਰੀ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪ੍ਰਸਤਾਵਿਤ ਲਾਇਬ੍ਰੇਰੀ ਨੂੰ ਸਿੱਖਿਆ, ਗਿਆਨ ਤੇ ਬੌਧਕ ਵਿਕਾਸ ਦੇ ਇੱਕ ਸਮਰਪਿਤ ਕੇਂਦਰ ਵਜੋਂ ਵਿਕਸਿਤ ਕਰਨ ਦੀ ਯੋਜਨਾ ਹੈ, ਜਿਸ ਦਾ ਵਿਸ਼ੇਸ਼ ਲਾਭ ਸੁਲਤਾਨਪੁਰ ਲੋਧੀ ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਮਿਲੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਦਾ ਪ੍ਰਚਾਰ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨਾ ਵੀ ਹੈ। ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਸੀਈਓ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਅਕਾਸ਼ ਬਾਂਸਲ ਨੇ ਦੱਸਿਆ ਕਿ ਇਹ ਨਵੀਂ ਲਾਇਬ੍ਰੇਰੀ ਨੌਜਵਾਨਾਂ ਲਈ ਇੱਕ ਸੁਵਿਧਾਜਨਕ ਤੇ ਆਧੁਨਿਕ ਪੜ੍ਹਾਈ ਤੇ ਅਕਾਦਮਿਕ ਸਹੂਲਤ ਵਜੋਂ ਵਿਕਸਿਤ ਕੀਤੀ ਜਾਵੇਗੀ। ਇਸ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ, ਖੋਜ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮੰਜ਼ਿਲਾ ਲਾਇਬ੍ਰੇਰੀ ਦੀ ਇਮਾਰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸੁਲਤਾਨਪੁਰ ਲੋਧੀ ਦੇ ਅਹਾਤੇ ਵਿੱਚ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਆਰਕੀਟੈਕਚਰਲ ਨਕਸ਼ੇ ਪੰਜਾਬ ਦੇ ਆਰਕੀਟੈਕਚਰ ਵਿਭਾਗ ਦੇ ਸੀਨੀਅਰ ਆਰਕੀਟੈਕਟ ਵੱਲੋਂ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ), ਬਿਲਡਿੰਗਜ਼ ਐਂਡ ਰੋਡਜ਼ (ਬੀਐਂਡਆਰ) ਨਾਲ ਸਲਾਹ-ਮਸ਼ਵਰਾ ਕਰਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੇ ਗਏ ਹਨ, ਤਾਂ ਜੋ ਇਮਾਰਤ ਨੂੰ ਆਧੁਨਿਕ, ਕਾਰਜਸ਼ੀਲ ਤੇ ਸੁੰਦਰ ਰੂਪ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਹੂਲਤ ਨੂੰ ਬੱਚਿਆਂ, ਵਿਦਿਆਰਥੀਆਂ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਆਰਾਮਦਾਇਕ ਤੇ ਸਮਰਪਿਤ ਪੜ੍ਹਾਈ ਦੇ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਵਿਕਸਿਤ ਕੀਤਾ ਜਾਵੇਗਾ। ਇਹ ਲਾਇਬ੍ਰੇਰੀ ਸੁਲਤਾਨਪੁਰ ਲੋਧੀ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਵਿੱਦਿਅਕ ਸਰੋਤ ਸਾਬਤ ਹੋਵੇਗੀ ਤੇ ਉਨ੍ਹਾਂ ਨੂੰ ਅਕਾਦਮਿਕ ਵਿਕਾਸ ਤੇ ਸਵੈ-ਅਧਿਐਨ ਦੇ ਬਿਹਤਰ ਮੌਕੇ ਪ੍ਰਦਾਨ ਕਰੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਕਾਰਜਕਾਰੀ ਏਜੰਸੀ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ, ਬੀਐਂਡਆਰ) ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਜੈਕਟ ਨੂੰ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਾਰਜਕਾਰੀ ਏਜੰਸੀ ਨੂੰ ਉਸਾਰੀ ਦੇ ਕੰਮ ਵਿੱਚ ਉੱਚ ਗੁਣਵੱਤਾ ਦੇ ਮਾਪਦੰਡ ਕਾਇਮ ਰੱਖਣ ਤੇ ਪ੍ਰਵਾਨਿਤ ਡਿਜ਼ਾਈਨ, ਵਿਸ਼ੇਸ਼ਤਾਵਾਂ ਤੇ ਨਿਰਧਾਰਤ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਲਾਇਬ੍ਰੇਰੀ ਸੁਲਤਾਨਪੁਰ ਲੋਧੀ ਦੇ ਵਿੱਦਿਅਕ ਬੁਨਿਆਦੀ ਢਾਂਚੇ ਵਿੱਚ ਇੱਕ ਮਹੱਤਵਪੂਰਨ ਵਾਧਾ ਹੋਵੇਗੀ ਤੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਗਿਆਨ ਹਾਸਲ ਕਰਨ, ਆਪਣੀਆਂ ਯੋਗਤਾਵਾਂ ਨੂੰ ਨਿਖਾਰਨ ਤੇ ਭਵਿੱਖ ਦੇ ਮੌਕਿਆਂ ਲਈ ਤਿਆਰੀ ਕਰਨ ਵਾਸਤੇ ਸਮਰਪਿਤ ਥਾਂ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਵੱਲੋਂ ਸੁਲਤਾਨਪੁਰ ਲੋਧੀ ਵਿੱਚ 2,200 ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪ੍ਰਾਜੈਕਟ ਦੀ ਪ੍ਰਗਤੀ ਤੇ ਨਜ਼ਰ ਰੱਖੇਗੀ, ਸਬੰਧਤ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਏਗੀ ਤੇ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇਗੀ।