ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਹੋ ਜਾਣ ਸਾਵਧਾਨ : ਜੱਗਾ ਬਾਬਾ ਦੁਕਾਨਦਾਰਾਂ ਨੂੰ ਤੰਗ/ਪ੍ਰਸ਼ਾਨ ਕਰਨ ਵਾਲੇ ਸਾਵਧਾਨ, ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਸਖ਼ਤ ਚਿਤਾਵਨੀ : ਜੱਗਾ ਬਾਬਾ
Publish Date: Tue, 17 Nov 2026 07:34 PM (IST)
Updated Date: Tue, 17 Nov 2026 07:36 PM (IST)
ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਦਿੱਤੀ ਸਖ਼ਤ ਚਿਤਾਵਨੀ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਬੇਲੋੜੀ ਚੈਕਿੰਗ ਦੇ ਨਾਂ ’ਤੇ ਦੁਕਾਨਦਾਰ ਤੇ ਵਪਾਰੀ ਵਰਗ ਨੂੰ ਪ੍ਰੇਸ਼ਾਨ ਕੀਤੇ ਜਾਣ ਦੀਆਂ ਸ਼ਿਕਾਇਤਾਂ ਦਾ ਮਾਮਲਾ ਚਰਚਾ ਵਿੱਚ ਆਇਆ ਹੈ। ਸ਼ਹਿਰ ਦੇ ਦੁਕਾਨਦਾਰਾਂ ਤੋਂ ਸ਼ਿਕਾਇਤਾਂ ਮਿਲਣ ਦੇ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਬਾਬਾ ਨੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸਹਿਯੋਗ ਦਾ ਭਰੋਸਾ ਦਿੰਦਿਆਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕਪੂਰਥਲਾ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਕਥਿਤ ਤੌਰ ’ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਹੁਣ ਸੋਸ਼ਲ ਮੀਡੀਆ ’ਤੇ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਅਕਾਲੀ ਦਾ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਬਾਬਾ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਠਾਇਆ ਹੈ। ਉਨ੍ਹਾਂ ਦੇ ਬਿਆਨ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਕੁਝ ਸਰਕਾਰੀ ਅਧਿਕਾਰੀ ਦੁਕਾਨਦਾਰਾਂ ਨੂੰ ਸੈਂਪਲਿੰਗ ਦੇ ਨਾਮ ’ਤੇ ਬਲੈਕਮੇਲ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਵੱਲੋਂ ਚੈਕਿੰਗ ਦੇ ਨਾਮ ’ਤੇ ਵਪਾਰੀਆਂ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜੱਗਾ ਬਾਬਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਦੁਕਾਨਦਾਰਾਂ ਤੇ ਵਪਾਰੀ ਵਰਗ ਨੂੰ ਨਜਾਇਜ਼ ਤੰਗ-ਪਰੇਸ਼ਾਨ ਕਰਨ ਵਾਲੇ ਬਲੈਕਮੇਲਰ ਅਫਸਰ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ। ਵਪਾਰੀ ਵਰਗ ਪਹਿਲਾਂ ਹੀ ਮੰਦੀ ਤੇ ਟੈਕਸਾਂ ਦੇ ਬੋਝ ਹੇਠ ਦੱਬਿਆ ਹੋਇਆ ਹੈ, ਉੱਪਰੋਂ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਦੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਇਹ ਸਿਲਸਿਲਾ ਜਲਦ ਬੰਦ ਨਾ ਹੋਇਆ, ਤਾਂ ਸਮੂਹ ਵਪਾਰੀ ਵਰਗ ਨੂੰ ਨਾਲ ਲੈ ਕੇ ਸੜਕਾਂ ’ਤੇ ਉਤਰਨ ਅਤੇ ਸਬੂਤਾਂ ਸਮੇਤ ਉੱਚ ਅਧਿਕਾਰੀਆਂ ਤੇ ਵਿਜੀਲੈਂਸ ਕੋਲ ਸ਼ਿਕਾਇਤ ਕਰਨ ਲਈ ਮਜਬੂਰ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਉਹ ਖੁਦ ਵਪਾਰੀ ਸਾਥੀਆਂ ਨੂੰ ਮਿਲੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਅਜਿਹੀਆਂ ਸ਼ਿਕਾਇਤਾਂ ਸਬੰਧੀ ਫ਼ੋਨ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਪਾਰੀ ਜਾਂ ਦੁਕਾਨਦਾਰ ਨੂੰ ਕੋਈ ਅਧਿਕਾਰੀ ਤੰਗ ਕਰਦਾ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਵਪਾਰੀਆਂ ਦੇ ਨਾਲ ਖੜ੍ਹੇ ਹਨ ਤੇ ਲੋੜ ਪੈਣ ਤੇ ਉਨ੍ਹਾਂ ਦੀ ਮਦਦ ਲਈ ਹਾਜ਼ਰ ਰਹਿਣਗੇ।