ਵਰਕਰਾਂ ਦੀ ਮਜ਼ਬੂਤ ਟੀਮ ਬਣੇਗੀ ਕਾਂਗਰਸ ਦੀ ਤਾਕਤ : ਨਰੇਸ਼ ਵਰਕਰਾਂ ਦੀ ਮਜ਼ਬੂਤ ਟੀਮ ਬਣੇਗੀ ਕਾਂਗਰਸ ਦੀ ਚੋਣੀ ਤਾਕਤ-ਨਰੇਸ਼ ਭਾਰਦਵਾਜ
Publish Date: Sat, 22 Aug 2026 08:00 PM (IST)
Updated Date: Sat, 22 Aug 2026 08:00 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵੱਲੋਂ ਵੀ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਵਰਕਰਾਂ ਨੂੰ ਚੋਣਾਂ ਲਈ ਤਿਆਰ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਾਂਗਰਸੀ ਆਗੂਆਂ ਵੱਲੋਂ ਹਰ ਬੂਥ ਤੱਕ ਪਾਰਟੀ ਦੀ ਮਜ਼ਬੂਤ ਟੀਮ ਤਿਆਰ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸਦੇ ਮਿਹਨਤੀ ਤੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਟਕਸਾਲੀ ਕਾਂਗਰਸ ਆਗੂਆਂ ਦੇ ਨਾਲ ਵਿਚਾਰ-ਵਟਾਂਦਰਾ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਵਰਕਰਾਂ ਦੀ ਮਜ਼ਬੂਤ ਟੀਮ ਤਿਆਰ ਕਰਨਾ ਸਭ ਤੋਂ ਅਹਿਮ ਕਾਰਜ ਹੈ। ਉਨ੍ਹਾਂ ਕਿਹਾ ਕਿ ਵਰਕਰ ਪਿੰਡਾਂ, ਸ਼ਹਿਰਾਂ ਤੇ ਹਰ ਵਾਰਡ ਵਿਚ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਕੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਗੇ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕੀਤੀ ਹੈ। ਅੱਜ ਲੋੜ ਹੈ ਕਿ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਇਕਜੁੱਟ ਹੋਣ ਤੇ ਪਾਰਟੀ ਦੀ ਮਜ਼ਬੂਤੀ ਲਈ ਪੁਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਉਦੇਸ਼ ਸਿਰਫ ਚੋਣ ਜਿੱਤਣਾ ਨਹੀਂ, ਸਗੋਂ ਲੋਕਾਂ ਦਾ ਭਰੋਸਾ ਜਿੱਤਣਾ ਵੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਫਗਵਾੜਾ ਹਲਕੇ ਦੇ ਲੋਕ ਫਿਰ ਤੋਂ ਕਾਂਗਰਸ ਪਾਰਟੀ ਦੇ ਹੱਕ ’ਚ ਆਪਣਾ ਫਤਵਾ ਦੇ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।