ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਪੂਰਾ ਕਰੇ ਆਪ ਸਰਕਾਰ : ਸ਼ਰਨਜੀਤ ਸਿੰਘ ਫਗਵਾੜੇ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਪੂਰਾ ਕਰੇ ਆਮ ਆਦਮੀ ਪਾਰਟੀ ਦੀ ਸਰਕਾਰ : ਸ਼ਰਨਜੀਤ ਸਿੰਘ
Publish Date: Sat, 21 Nov 2026 06:45 PM (IST)
Updated Date: Sat, 21 Nov 2026 06:46 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਪਹਿਲਾਂ ਫਗਵਾੜਾ ਵਾਸੀਆਂ ਨਾਲ ਕੀਤਾ ਗਿਆ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋ ਸਕਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਫਗਵਾੜਾ ਵਿਖੇ ਪਹੁੰਚ ਕੇ ਐਲਾਨ ਕੀਤਾ ਸੀ ਕਿ ਬਹੁਤ ਜਲਦ ਫਗਵਾੜੇ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ, ਪਰ ਲਗਭਗ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੋਣ ਦੇ ਬਾਵਜੂਦ ਇਹ ਐਲਾਨ ਸਿਰਫ਼ ਵਾਅਦਾ ਬਣ ਕੇ ਰਹਿ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਰਨਜੀਤ ਸਿੰਘ, ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਤੇ ਮੀਡੀਆ ਕੋਆਰਡੀਨੇਟਰ ਸੌਰਵ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਫਗਵਾੜਾ ਵਾਸੀਆਂ ਨਾਲ ਝੂਠਾ ਵਾਅਦਾ ਕਰਕੇ ਪੰਜ ਸਾਲ ਸੱਤਾ ਦਾ ਸੁੱਖ ਭੋਗਿਆ ਹੈ। ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰੇ ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ। ਉਨ੍ਹਾਂ ਕਿਹਾ ਕਿ ਫਗਵਾੜਾ ਵਾਸੀਆਂ ਵੱਲੋਂ ਕਈ ਵਾਰ ਜ਼ਿਲ੍ਹਾ ਬਣਾਉਣ ਦੀ ਮੰਗ ਸਬੰਧੀ ਮੰਗ ਪੱਤਰ ਸਰਕਾਰ ਤੇ ਸਬੰਧਤ ਵਿਭਾਗਾਂ ਤੱਕ ਪਹੁੰਚਾਏ ਗਏ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਫਗਵਾੜਾ ਇੱਕ ਮਹੱਤਵਪੂਰਨ ਸ਼ਹਿਰ ਹੋਣ ਦੇ ਬਾਵਜੂਦ ਲੋਕਾਂ ਨੂੰ ਆਪਣੇ ਛੋਟੇ-ਛੋਟੇ ਸਰਕਾਰੀ ਕੰਮਾਂ ਲਈ ਜਲੰਧਰ ਤੋਂ ਹੁੰਦੇ ਹੋਏ ਕਪੂਰਥਲਾ ਜਾਣਾ ਪੈਂਦਾ ਹੈ। ਜੇਕਰ ਫਗਵਾੜਾ ਜ਼ਿਲ੍ਹਾ ਬਣ ਜਾਂਦਾ ਹੈ ਤਾਂ ਲੋਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਆਪਣੇ ਸ਼ਹਿਰ ਵਿੱਚ ਹੀ ਮਿਲ ਸਕਦੀਆਂ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਖੁਦ ਕੀਤਾ ਗਿਆ ਐਲਾਨ ਪੂਰਾ ਨਾ ਹੋਣਾ ਸਰਕਾਰ ਦੀ ਕਾਰਜਸ਼ੈਲੀ ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤੇ ਪ੍ਰਚਾਰ ਕਰਨ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਲੋਕਾਂ ਦੀਆਂ ਬੁਨਿਆਦੀ ਤੇ ਪ੍ਰਸ਼ਾਸਨਿਕ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਫਗਵਾੜਾ ਵਾਸੀਆਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਨਾ ਹਟਣ ਤੇ ਜਲਦ ਤੋਂ ਜਲਦ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਗਵਾੜਾ ਵਾਸੀ ਆਮ ਆਦਮੀ ਪਾਰਟੀ ਨੂੰ ਆਪਣੇ ਵੋਟ ਦੇ ਅਧਿਕਾਰ ਰਾਹੀਂ ਇਸ ਵਾਅਦਾਖ਼ਿਲਾਫ਼ੀ ਦਾ ਜਵਾਬ ਦੇਣਗੇ।