- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਚੌਕਸ

ਡਡਵਿੰਡੀ ਬੱਸ ਅੱਡੇ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਗਸ਼ਤ ਵਧਾਈ : ਏਐੱਸਆਈ ਪਾਲ ਸਿੰਘ
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਸਬੰਧੀ ਏਐੱਸਆਈ ਪਾਲ ਸਿੰਘ, ਚੌਂਕੀ ਇੰਚਾਰਜ ਮੋਠਾਂਵਾਲਾ ਨੇ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਡਡਵਿੰਡੀ ਦੇ ਬੱਸ ਅੱਡੇ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕ ਬਿਨਾਂ ਕਿਸੇ ਡਰ ਅਤੇ ਪ੍ਰੇਸ਼ਾਨੀ ਦੇ ਆਪਣਾ ਤਿਉਹਾਰ ਮਨਾ ਸਕਣ। ਏਐੱਸਆਈ ਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਤਤਪਰ ਰਹਿੰਦਾ ਹੈ ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਪੁਲਿਸ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਮੌਕੇ ਏਐੱਸਆਈ ਪਾਲ ਸਿੰਘ ਚੌਂਕੀ ਇੰਚਾਰਜ ਮੋਠਾਂਵਾਲਾ ਦੇ ਨਾਲ ਏਐੱਸਆਈ ਜਿੰਦਰ ਲਾਲ ਤੇ ਏਐੱਸਆਈ ਕੁਲਵਿੰਦਰ ਸਿੰਘ ਵੀ ਮੌਜੂਦ ਸਨ।