ਰਿਟਾ. ਐੱਸਐੱਚਓ ਪਰਮਿੰਦਰ ਸਿੰਘ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ
ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ, ਕਾਂਗਰਸ ਛੱਡ ਕੇ ਪਰਮਿੰਦਰ ਸਿੰਘ ਆਪ ਵਿੱਚ ਹੋਏ ਸ਼ਾਮਲ
Publish Date: Sat, 21 Mar 2026 09:14 PM (IST)
Updated Date: Sat, 21 Mar 2026 09:16 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਵਿਚ ਵਿਧਾਨ ਸਭਾ ਚੋਣਾਂ 2027 ਵਿਚ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਹੀ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਇਕ ਛੱਡ ਦੂਜੀ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਇਹ ਬਦਲਾਅ ਉਦੋਂ ਦੇਖਣ ਨੂੰ ਮਿਲਿਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ-ਭਲਾਈ ਵਾਲੀਆਂ ਨੀਤੀਆਂ ਤੇ ਮਾਨ ਸਰਕਾਰ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਮੁਹੱਲਾ ਸੀਨਪੁਰਾ ਦੇ ਵਾਰਡ ਨੰਬਰ 3 ਤੋਂ ਰਿਟਾਇਰਡ ਐੱਸਐਚਓ ਪਰਮਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਪਰਿਵਾਰ ਦਾ ਹਿੱਸਾ ਬਣਨ ਦਾ ਐਲਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪਰਮਿੰਦਰ ਸਿੰਘ ਨੂੰ ਸਿਰੋਪਾਓ ਪਾਕੇ ਪਾਰਟੀ ਵਿਚ ਸ਼ਾਮਲ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਜ਼ਰੂਰ ਦਿੱਤਾ ਜਾਵੇਗਾ। ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਜਿਸ ਤਰ੍ਹਾਂ ਕਪੂਰਥਲਾ ਹਲਕੇ ਅੰਦਰ ਧੜਾਧੜ ਬੁੱਧੀਜੀਵੀ ਤੇ ਪੜ੍ਹੇ ਲਿਖੇ ਲੋਕ ਆਮ ਆਦਮੀ ਪਾਰਟੀ ਨਾਲ ਜੁੜਨੇ ਸ਼ੁਰੂ ਹੋ ਗਏ ਹਨ, ਉਸ ਤੋਂ ਸਮਝ ਲੱਗ ਜਾਂਦੀ ਹੈ ਕਿ ਆਉਣ ਵਾਲਾ ਸਮਾਂ ਵੀ ਆਮ ਆਦਮੀ ਪਾਰਟੀ ਦਾ ਹੈ ਤੇ ਇਹ ਕਾਫਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਟਾਇਰਡ ਐੱਸਐਚਓ ਪਰਮਿੰਦਰ ਸਿੰਘ ਨੇ ਲੰਬੇ ਸਮੇਂ ਤੱਕ ਕਾਂਗਰਸ ਵਿਚ ਕੰਮ ਕੀਤਾ, ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪਰਮਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਲਈ ਦਿਲੋਂ ਸਵਾਗਤ ਕਰਦੇ ਹਨ ਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਨਾਲ ਲੈ ਕੇ ਚੱਲੇਗੀ। ਇਸ ਮੌਕੇ ਪਰਮਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪਿਛਲੇ ਚਾਰ ਸਾਲਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਤੇਜ਼ ਵਿਕਾਸ ਤੋਂ ਪ੍ਰਭਾਵਿਤ ਹਨ, ਜਿਸ ਕਾਰਨ ਉਨ੍ਹਾਂ ਨੇ ਇਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਹੈ ਕਿ ਆਪ ਸਰਕਾਰ ਨਾ ਸਿਰਫ਼ ਵਿਕਾਸ ਕਾਰਜਾਂ ਵਿਚ ਸਰਗਰਮੀ ਨਾਲ ਕੰਮ ਕਰ ਰਹੀ, ਬਲਕਿ ਆਪਣੇ ਹਰੇਕ ਵਰਕਰ ਨੂੰ ਬਣਦਾ ਸਤਿਕਾਰ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਮਾਣ ਹੈ ਤੇ ਉਹ ਹਰ ਸਮੇਂ ਪਾਰਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਵਫ਼ਾਦਾਰੀ ਨਾਲ ਨਿਭਾਉਣਗੇ।