ਆਪ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ’ਚ ਨਾਕਾਮ : ਰੰਧਾਵਾ
ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ-ਰੰਧਾਵਾ
Publish Date: Fri, 13 Feb 2026 07:23 PM (IST)
Updated Date: Fri, 13 Feb 2026 07:27 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਹ ਦਿਨੋਂ-ਦਿਨ ਸਮਾਜ ਵਿਰੋਧੀ ਅਨਸਰਾਂ ਨੂੰ ਹੌਸਲਾ ਦੇ ਰਹੀ ਹੈ ਤੇ ਉਨ੍ਹਾਂ ਨੂੰ ਬਿਨਾਂ ਕਿਸੇ ਡਰ ਦੇ ਅਪਰਾਧ ਕਰਨ ਦੀ ਇਜਾਜ਼ਤ ਦੇ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਚ ਇਕ ਮੰਦਰ ਤੋਂ ਘਰ ਪਰਤਦੇ ਸਮੇਂ ਪੰਜਾਬ ਪੁਲਿਸ ਦੇ ਇਕ ਸੇਵਾਮੁਕਤ ਸਬ-ਇੰਸਪੈਕਟਰ ਦੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨਾ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰੋਜ਼ਾਨਾ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਨਾਲ ਵਸਨੀਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਧਾਰਨ ਦੀ ਬਜਾਏ, ਪੰਜਾਬ ਦੇ ਮੁੱਖ ਮੰਤਰੀ ਵੱਡੇ-ਵੱਡੇ ਬਿਆਨ ਦੇ ਰਹੇ ਹਨ ਤੇ ਲੋਕਾਂ ਦੀ ਸੁਰੱਖਿਆ ਬਾਰੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਹਾਲਾਂਕਿ ਜ਼ਮੀਨੀ ਸਥਿਤੀ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਬਰ-ਜਨਾਹ, ਗੋਲੀਬਾਰੀ ਤੇ ਕਤਲ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਅੱਤਵਾਦ ਦੇ ਕਾਲੇ ਦੌਰ ਦੀ ਯਾਦ ਦਿਵਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈ, ਜਿਸਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਦਰਦ ਨੂੰ ਸਮਝਿਆ ਹੈ ਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਨਵਰੀ 2026 ਵਿਚ ਹੀ ਲਗਭਗ 25 ਕਤਲ ਹੋਏ ਹਨ ਤੇ ਇਹ ਖੂਨ-ਖਰਾਬਾ ਫਰਵਰੀ ਵਿਚ ਵੀ ਜਾਰੀ ਹੈ। ਪਵਿੱਤਰ ਸਥਾਨ, ਮਾਸੂਮ ਲੋਕ, ਬਜ਼ੁਰਗ ਤੇ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਨੂੰ ਤਰਜੀਹ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ ਤੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਠੋਸ ਕਦਮ ਚੁੱਕੇ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ।