ਆਪ ਨੇ ਲੋਕਾਂ ਦੇ ਦਿਲਾਂ ’ਚ ਆਪਣਾ ਭਰੋਸਾ ਬਣਾਇਆ : ਚੰਮ
ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਦੇ ਦਿਲਾਂ ਵਿੱਚ ਆਪਣਾ ਭਰੋਸਾ ਬਣਾਇਆ: ਸਮਰ ਗੁਪਤਾ
Publish Date: Thu, 19 Mar 2026 07:04 PM (IST)
Updated Date: Thu, 19 Mar 2026 07:07 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣੇਗੀ, ਇਹ ਵਿਸ਼ਵਾਸ ਜਤਾਉਂਦੇ ਹੋਏ ਵਪਾਰ ਸੈੱਲ ਦੇ ਚੇਅਰਮੈਨ ਬੌਬੀ ਚੰਮ ਅਤੇ ਬਲਾਕ ਪ੍ਰਧਾਨ ਸਮਰਜੀਤ ਗੁਪਤਾ ਨੇ ਕਿਹਾ ਕਿ ਪਾਰਟੀ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਤੇ ਹੋਰ ਮੁੱਢਲੀਆਂ ਸੁਵਿਧਾਵਾਂ ਵਿਚ ਸੁਧਾਰ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਕਾਰਨ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਤੇ ਪਾਰਟੀ ਪ੍ਰਤੀ ਭਰੋਸਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਬੌਬੀ ਚੰਮ ਤੇ ਸਮਰ ਗੁਪਤਾ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਵੀ ਲੋਕ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ ਤੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਚਾਰ ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮਿਆਰ ਸਥਾਪਿਤ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਨੇ ਸਾਫ਼-ਸੁਥਰੀ ਰਾਜਨੀਤੀ ਦੀ ਸ਼ੁਰੂਆਤ ਕਰਦਿਆਂ ਲੋਕਾਂ ਦੇ ਹਿਤਾਂ ਨੂੰ ਪਹਿਲ ਦੇਣ ਵਾਲੇ ਕਈ ਮਹੱਤਵਪੂਰਨ ਫੈਸਲੇ ਕੀਤੇ ਹਨ। ਇਸ ਦੌਰਾਨ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿਚ ਸੁਧਾਰ ਲਿਆਂਦੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ। ਲੋਕਾਂ ਵਿਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ ਤੇ ਉਹ ਇਸ ਗੱਲ ਨੂੰ ਮੰਨਦੇ ਹਨ ਕਿ ਮੌਜੂਦਾ ਸਰਕਾਰ ਨੇ ਵਾਅਦਿਆਂ ਨੂੰ ਪੂਰਾ ਕਰਨ ਲਈ ਗੰਭੀਰ ਯਤਨ ਕੀਤੇ ਹਨ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕੜੇ ਕਦਮ ਚੁੱਕਦੇ ਹੋਏ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਬਣਾਇਆ ਹੈ, ਜਿਸ ਨਾਲ ਸਰਕਾਰੀ ਪ੍ਰਣਾਲੀ ਵਿਚ ਪਾਰਦਰਸ਼ਤਾ ਆਈ ਹੈ। ਇਹੀ ਕਾਰਨ ਹੈ ਕਿ ਪੰਜਾਬ ਦੀ ਰਾਜਨੀਤੀ ਵਿਚ ਇਕ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਤੇ ਸਾਫ਼-ਸੁਥਰੀ ਰਾਜਨੀਤੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ।