ਆਪ ਕਪੂਰਥਲਾ ’ਚ ਹਲਕਾ ਇੰਚਾਰਜ ਬਦਲਣ ਦੀ ਉੱਠੀ ਮੰਗ
ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਕੰਮ ਕਰ ਰਹੀ ਹੈ : ਪੱਡਾ
Publish Date: Sun, 07 Jun 2026 09:07 PM (IST)
Updated Date: Sun, 07 Jun 2026 09:08 PM (IST)
ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਕੰਮ ਕਰ ਰਹੀ ਆਪ : ਪੱਡਾ
-ਕਿਹਾ-ਭਾਜਪਾ ਵੱਲੋਂ ਵੋਟਾਂ ਕੱਟਣ ਦੀ ਯੋਜਨਾ ਬਣਾਈ ਜਾ ਰਹੀ
--
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਕੁੱਝ ਖਾਸ ਪ੍ਰਦਰਸ਼ਨ ਨਾ ਕਰ ਸਕਣ ਤੋਂ ਬਾਅਦ ਹਲਕਾ ਕਪੂਰਥਲਾ ਵਿਚ ਕਿਸੇ ਮਜ਼ਬੂਤ, ਸੂਝਵਾਨ ਤੇ ਵਰਕਰਾਂ ਨੂੰ ਇਕਜੁੱਟ ਕਰਕੇ ਕੰਮ ਕਰਨ ਵਾਲੇ ਤਜਰਬੇਕਾਰ ਵਿਅਕਤੀ ਨੂੰ ਆਮ ਆਦਮੀ ਪਾਰਟੀ ਦਾ ਹਲਕਾ ਇੰਚਾਰਜ ਲਗਾਏ ਜਾਣ ਦੀਆਂ ਅਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਐਤਵਾਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਇਕ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਇਕਜੁੱਟ ਹੋ ਕੇ ਅਗਾਮੀ ਚੋਣਾਂ ਵਿਚ ਕਪੂਰਥਲਾ ਹਲਕੇ ਤੋਂ ਸੀਟ ਜਿੱਤਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਕਿ ਸੁਖਵੰਤ ਸਿੰਘ ਪੱਡਾ ਨੂੰ ਕਪੂਰਥਲਾ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਜਾਵੇ ਤਾਂ ਜੋ 2027 ਦੀਆਂ ਚੋਣਾਂ ਵਿਚ ਪਾਰਟੀ ਨੂੰ ਵੱਡੀ ਲੀਡ ਨਾਲ ਜਿੱਤ ਦਿਲਾਈ ਜਾ ਸਕੇ। ਇਸ ਮੀਟਿੰਗ ਦੌਰਾਨ ਕਪੂਰਥਲਾ ਦੇ ਵਿਕਾਸ ਤੇ ਹੋਰ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਰਣਨੀਤੀ ਵੀ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਵਿੰਗ ਦੇ ਬਲਾਕ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨ, ਸਰਕਲ ਪ੍ਰਧਾਨ ਵੱਲੋਂ ਸੁਖਵੰਤ ਸਿੰਘ ਪੱਡਾ ਦੇ ਹੱਕ ਵਿਚ ਨਾਅਰੇ ਲਗਾਏ ਗਏ ਤੇ ਕਪੂਰਥਲਾ ਦੀ ਜ਼ਿੰਮੇਵਾਰੀ ਦੇਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਹੁੰਗਾਰਾ ਭਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਧ-ਚੜ੍ਹ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਵੰਤ ਸਿੰਘ ਪੱਡਾ ਨੇ ਭਾਰਤੀ ਜਨਤਾ ਪਾਰਟੀ ਉੱਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਵੇਂ ਸਿਆਸੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ, ਸੀਬੀਆਈ ਤੇ ਹੁਣ ਐੱਸਆਈਆਰ ਰਾਹੀਂ ਪੰਜਾਬ ਵਿਚ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਵਿਚ ਐੱਸਆਈਆਰ ਰਾਹੀਂ ਵੋਟਾਂ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਕਿਸੇ ਵੀ ਹਾਲਤ ਵਿਚ ਪੰਜਾਬੀਆਂ ਦੀਆਂ ਵੋਟਾਂ ਨਹੀਂ ਕੱਟਣ ਦਿੱਤੀਆਂ ਜਾਣਗੀਆਂ।