- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਆਗੂ ਡਿਬੇਟ ਵਿੱਚ ਸ਼ਾਮਿਲ ਹੋ ਕੇ ਦੇਣ ਸਪੱਸ਼ਟੀਕਰਨ-ਐਚਐਸ ਵਾਲੀਆ

ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਸ ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਖ਼ਿਲਾਫ਼ ਅਪਣਾਈ ਗਈ ਟਕਰਾਅ ਦੀ ਨੀਤੀ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ 24 ਜੂਨ ਦਿਨ ਬੁੱਧਵਾਰ ਨੂੰ ਕਪੂਰਥਲਾ ਦੇ ਜਲੋਖਾਨਾ ਚੌਂਕ ਵਿਖੇ ਇਕ ਡਿਬੇਟ ਦਾ ਆਯੋਜਨ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਸਮੇਤ ਆਪ ਦੀ ਸੀਨੀਅਰ ਲੀਡਰਸ਼ਿਪ ਨੂੰ ਇਸ ਡਿਬੇਟ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਸ ਡਿਬੇਟ ਵਿਚ ਆਪ ਆਗੂਆਂ ਨੂੰ ਸ਼ਾਮਲ ਹੋ ਕੇ ਮੁੱਖ ਮੰਤਰੀ ਵੱਲੋਂ ਗੁਰੂ ਸਾਹਿਬ ਦੇ ਕੀਤੇ ਗਏ ਅਪਮਾਨ ਬਾਰੇ ਜਨਤਾ ਦੇ ਸਾਹਮਣੇ ਆਪਣਾ ਸਪੱਸ਼ਟੀਕਰਨ ਦੇਣ। ਉਨ੍ਹਾਂ ਕਿਹਾ ਕਿ ਇਸ ਡਿਬੇਟ ਦੇ ਦੌਰਾਨ ਕਿਸੇ ਵੀ ਤਰਾਂ ਦੀ ਰਾਜਨੀਤੀ ਦੀ ਕੋਈ ਗੱਲ ਨਹੀਂ ਹੋਵੇਗੀ ਤੇ ਨਾ ਹੀ ਕੋਈ ਨਾਅਰੇਬਾਜ਼ੀ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਇਥੇ ਬੜੇ ਮੁੱਖ ਮੰਤਰੀ ਆਏ ਤੇ ਆਉਂਦੇ ਰਹਿਣਗੇ ਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਮਹਾਨ ਸਨ, ਮਹਾਨ ਹਨ ਤੇ ਮਹਾਨ ਹੀ ਰਹਿਣਗੇ, ਅਕਾਲ ਤਖਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਵਜੂਦ ਮਿਟ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਾ ਲਾਉਣ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਝੁਕ ਕੇ ਗੁਰੂ ਦੇ ਦਰ, ਸ਼੍ਰੀ ਅਕਾਲ ਤਖਤ ਸਾਹਿਬ ਜਾਣ ਵਾਲਿਆਂ ਨੂੰ ਮੁਆਫ਼ੀ ਹੈ ਪਰ ਮੱਥਾ ਲਾਉਣ ਵਾਲਿਆਂ ਦਾ ਹਮੇਸ਼ਾ ਮਾੜਾ ਹਸ਼ਰ ਹੋਇਆ ਹੈ, ਜਿਸਦਾ ਇਤਿਹਾਸ ਗਵਾਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਕਥਿਤ ਬਜਰ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ, ਨਾ ਕਿ ਖਾਲਸਾ ਪੰਥ ਦੀ ਸਰਬਉੱਚ ਸੰਸਥਾ ਤੇ ਇਸ ਦੇ ਜਥੇਦਾਰ ਤੇ ਸਿਆਸੀ ਹਮਲੇ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲੀ ਇਕ ਵੀਡੀਓ ਵਾਇਰਲ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤੇ ਜਾਣ ਮੌਕੇ ਖੁਦ ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਸੀ, ਪਰ ਹੁਣ ਜਦੋਂ ਸਰਕਾਰੀ ਲੈਬਾਂ ਦੀਆਂ ਰਿਪੋਰਟਾਂ ਨੇ ਉਸ ਵੀਡੀਓ ਦੇ ਅਸਲੀ ਹੋਣ ਉੱਤੇ ਮੋਹਰ ਲਗਾ ਕੇ ਸਚਾਈ ਪ੍ਰਗਟ ਕਰ ਦਿਤੀ ਹੈ, ਤਾਂ ਮੁੱਖ ਮੰਤਰੀ ਬੜੀ ਹੀ ਢੀਠਤਾ ਨਾਲ ਆਪਣੇ ਹੀ ਬਿਆਨਾਂ ਤੋਂ ਮੁੱਕਰ ਰਹੇ ਹਨ। ਉਨ੍ਹਾਂ ਭਗਵੰਤ ਮਾਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕਦੇ ਵੀ ਇਕ ਸੱਚੇ ਤੇ ਮਰਿਆਦਾ ਦਾ ਪਾਲਣ ਕਰਨ ਵਾਲੇ ਸਿੱਖ ਵਜੋਂ ਨਹੀਂ ਵਿਚਰੇ। ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਸ਼ਰਾਬ ਦੇ ਨਸ਼ੇ ਦੀ ਹਾਲਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਜਾ ਕੇ ਸਿੱਖ ਮਰਿਆਦਾ ਦੀ ਘੋਰ ਬੇਅਦਬੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਿਆਸਤ ਤੋਂ ਬਹੁਤ ਉੱਪਰ ਹੈ ਤੇ ਕੋਈ ਵੀ ਮੁੱਖ ਮੰਤਰੀ ਇਸ ਤੋਂ ਵੱਡਾ ਨਹੀਂ ਹੋ ਸਕਦਾ। ਉਨ੍ਹਾਂ ਨੇ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਤੁਰੰਤ ਜਥੇਦਾਰ ਸਾਹਿਬ ਖ਼ਿਲਾਫ਼ ਬਿਆਨਬਾਜ਼ੀ ਬੰਦ ਕਰਨ ਤੇ ਇਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰ ਹੋ ਕੇ ਅਪਣੀਆਂ ਭੁੱਲਾਂ ਦੀ ਖਿਮਾ ਯਾਚਨਾ ਕਰਨ, ਨਹੀਂ ਤਾਂ ਸਿੱਖ ਕੌਮ ਉਨ੍ਹਾਂ ਦੇ ਇਸ ਹੰਕਾਰ ਦਾ ਮੂੰਹ-ਤੋੜ ਜਵਾਬ ਦੇਵੇਗੀ।