ਆਮ ਆਦਮੀ ਪਾਰਟੀ 2027 ਵਿਚ ਮੁੜ ਸਰਕਾਰ ਬਣਾਏਗੀ : ਸੁਖਵੰਤ ਪੱਡਾ

- ਕਿਹਾ, ਭ੍ਰਿਸ਼ਟਾਚਾਰ ਤੇ ਅੱਤਿਆਚਾਰ ਮੁਕਤ ਸਮਾਜ ਦੀ ਸਿਰਜਣਾ ਸਾਡਾ ਮੁੱਖ ਉਦੇਸ਼
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਛੋਟੇ ਸਮੇਂ ਵਿਚ ਲੋਕਾਂ ਲਈ ਕਈ ਇਤਿਹਾਸਕ ਫ਼ੈਸਲੇ ਕੀਤੇ ਹਨ। ਇਹ ਸਰਕਾਰ ਆਮ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਰਾਤ-ਦਿਨ ਕੰਮ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਿਊਮਨ ਰਾਈਟਸ ਕੌਂਸ਼ਲ ਦੇ ਸੂਬਾ ਪ੍ਰਧਾਨ ਤੇ ਆਮ ਆਦਮੀ ਪਾਰਟੀ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਸ਼ੁੱਕਰਵਾਰ ਨੂੰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬਿਜਲੀ ਬਿੱਲਾਂ ਦੇ ਬੋਝ ਤੋਂ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ ਅਤੇ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ। ਇਸ ਨਾਲ ਕਈ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦਾ ਘਰੇਲੂ ਬਜਟ ਸੰਭਾਲਿਆ ਹੈ। ਸਕੂਲਾਂ ਵਿਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕਰ ਕੇ ਬੱਚਿਆਂ ਲਈ ਉੱਚ ਗੁਣਵੱਤਾ ਵਾਲੀ ਸਿੱਖਿਆ ਦੀ ਸੁਵਿਧਾ ਯਕੀਨੀ ਬਣਾਈ ਗਈ ਹੈ। ਸਿਹਤ ਖੇਤਰ ਵਿਚ ਆਮ ਲੋਕਾਂ ਨੂੰ ਇਲਾਜ ਨੇੜੇ ਹੀ ਮਿਲੇ। ਇਸ ਲਈ ਆਮਆਦਮੀ ਕਲੀਨਿਕ ਖੋਲ੍ਹੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਦਿਆਂ ਸਮੇਂ ਤੇ ਫਸਲਾਂ ਦੀ ਖ਼ਰੀਦ ਯਕੀਨੀ ਬਣਾਈ ਅਤੇ ਖੇਤੀਬਾੜੀ ਨਾਲ ਸਬੰਧਿਤ ਕਈ ਨਵੀਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਹਰ ਪਿੰਡ ਤੱਕ ਵਿਕਾਸ ਦੇ ਕੰਮ ਪਹੁੰਚਾਏ ਜਾਣਗੇ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਵੱਡੇ ਪੱਧਰ ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਵਿਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚੋਂ ਭ੍ਰਿਸ਼ਟਾਚਾਰ ਅਤੇ ਅੱਤਿਆਚਾਰ ਦੇ ਕਲੰਕ ਨੂੰ ਨੱਥ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਮੁੱਚੇ ਪੰਜਾਬ ਵਿਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਸਾਡੇ ਸਮਾਜ ਵਿਚ ਘੁਣ ਦੀ ਤਰ੍ਹਾਂ ਮਨੁੱਖਤਾ ਨੂੰ ਬਰਬਾਦ ਕਰ ਰਿਹਾ ਹੈ, ਜਿਸ ਲਈ ਜਨਤਾ ਦੇ ਸਹਿਯੋਗ ਦੀ ਲੋੜ ਹੈ ਅਤੇ ਪੰਜਾਬ ਵਾਸੀਆਂ ਨੂੰ ਜਾਗਰੂਕ ਹੋਣ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਪੰਜਾਬ ਦੇ ਅੰਦਰ ਦਫਤਰਾਂ ਅਤੇ ਹੋਰ ਅਦਾਰਿਆਂ ਵਿਚੋਂ ਭ੍ਰਿਸ਼ਟਾਚਾਰ ਦੂਰ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਮ ਜਨਤਾ ਦੇ ਕੰਮ ਆਸਾਨੀ ਨਾਲ ਹੋ ਸਕਣ । ਉਨ੍ਹਾਂ ਕਿਹਾ ਕਿ ਕਿਹਾ ਕਿ ਲੋਕਾਂ ਨੂੰ ਵੀ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣੇ ਚਾਹੀਦਾ ਹੈ, ਉੱਥੇ ਭ੍ਰਿਸ਼ਟਾਚਾਰ ਕਰਨ ਵਾਲੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਪ੍ਰਸ਼ਾਸਨ ਨੂੰ ਸਮੇਂ ਸਿਰ ਸੂਚਿਤ ਵੀ ਕਰਨਾ ਚਾਹੀਦਾ ਹੈ ਤਾਂ ਜੋ ਭ੍ਰਿਸ਼ਟਾਚਾਰ ਤੇ ਅੰਕੁਸ਼ ਲਗਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵੱਲ ਪੰਜਾਬ ਵਿਚ ਕਈ ਵੱਡੇ ਮਾਮਲੇ ਉਜਾਗਰ ਕੀਤੇ ਗਏ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦਿਲਾਈ ਗਈ ਹੈ । ਉਨ੍ਹਾਂ ਕਿਹਾ ਕਿ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਸਭ ਨੂੰ ਮਿਲ ਕੇ ਕੰਮ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਆਮ ਜਨਤਾ ਨੂੰ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।