ਰੈਲੀ ਨੂੰ ਸਫ਼ਲ ਬਣਾਉਣ ਲਈ ਆਪ ਵਰਕਰਾਂ ਦਾ ਧੰਨਵਾਦ : ਰਾਜੂ ਰੈਲੀ ਨੂੰ ਸਫ਼ਲ ਬਣਾਉਣ ਲਈ ਆਪ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਵਰਕਰਾਂ ਦਾ ਕੀਤਾ ਧੰਨਵਾਦ
Publish Date: Thu, 26 Nov 2026 09:16 PM (IST)
Updated Date: Thu, 26 Nov 2026 09:19 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ (ਆਪ) ਦੇ 15 ਵੇਂ ਸਥਾਪਨਾ ਦਿਵਸ ਦੇ ਮੌਕੇ ਵੀਰਵਾਰ ਨੂੰ ਮੋਗਾ ਵਿਖੇ ਆਯੋਜਿਤ ਕੀਤੀ ਗਈ ਪੰਜਾਬ ਖ਼ੁਸ਼ਹਾਲ ਰੈਲੀ ਵਿਚ ਸ਼ਾਮਲ ਹੋਣ ਲਈ ਜ਼ਿਲ੍ਹਾ ਕਪੂਰਥਲਾ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇਸ਼ਾਕ ਕੁਮਾਰ ਚੱਬੇਵਾਲ, ਵਰੁਣ ਬੰਗੜ ਚੱਕ ਹਕੀਮ ਸਰਪੰਚ, ਗੋਰਾ ਹਰਦਾਸਪੁਰ ਆਦਿ ਵੀ ਹਾਜ਼ਰ ਸਨ। ਇਸ ਮੌਕੇ ਰਾਜੂ ਨੇ ਕਿਹਾ ਕਿ ਇਸ ਮਹਾਂਰੈਲੀ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਏ ਲਿਖਿਆ ਹੈ। ਇਸ ਮੌਕੇ ਪਾਰਟੀ ਵੱਲੋਂ ਲੋਕਾਂ ਸਾਹਮਣੇ ਆਪਣਾ ਪੰਜ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਰੈਲੀ ਵਿੱਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਸਮੁੱਚੀ ਕੈਬਨਿਟ ਅਤੇ ਸੀਨੀਅਰ ਪਾਰਟੀ ਲੀਡਰਸ਼ਿਪ ਮੌਜੂਦ ਰਹੀ। ਇਹ ਵਿਸ਼ਾਲ ਇਕੱਠ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਡੀ ਮੁਹਿੰਮ ਦੀ ਸ਼ੁਰੂਆਤ ਸੀ ਤੇ ਇਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋ ਕੇ ਪਾਰਟੀ ਦੀ ਦੁਬਾਰਾ ਜਿੱਤ ਨੂੰ ਯਕੀਨੀ ਬਣਾਇਆ ਹੈ। ਦਲਜੀਤ ਰਾਜੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੱਡੇ ਕਾਫ਼ਲੇ ਨਾਲ ਗੱਡੀਆਂ ਤੇ ਬੱਸਾਂ ਸੈਂਕੜੇ ਵਰਕਰਾਂ ਸਮੇਤ ਮੋਗਾ ਰੈਲੀ ਵਿਚ ਪਹੁੰਚੀਆਂ, ਜੋ ਜ਼ਿਲ੍ਹੇ ਦੀ ਮਜ਼ਬੂਤ ਸੰਗਠਨਾਤਮਕ ਤਾਕਤ ਨੂੰ ਦਰਸਾਉਂਦਾ ਹੈ। ਇਸ ਮੌਕੇ ਉਨ੍ਹਾਂ ਸਾਰੇ ਆਗੂਆਂ ਤੇ ਵਰਕਰਾਂ ਦੀ ਇਕਜੁੱਟਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮਜ਼ਦੂਰਾਂ, ਕਿਸਾਨਾਂ ਤੇ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਮਹਾ ਰੈਲੀ ਵਿਚ ਚਾਰੋਂ ਹਲਕਿਆਂ ਦੇ ਲੋਕਾਂ ਵੱਲੋਂ ਇਕੱਠ ਵਿਚ ਪਹੁੰਚੇ ਕੇ ਆਪ ਸਰਕਾਰ ਨਾਲ ਅਥਾਹ ਪਿਆਰ ਦਾ ਸਬੂਤ ਦਿੱਤਾ ਹੈ, ਜਿਸ ਲਈ ਆਪ ਸਰਕਾਰ ਹਮੇਸ਼ਾ ਚਾਰੋਂ ਹਲਕਿਆਂ ਦੇ ਲੋਕਾਂ ਦੀ ਰਿਣੀ ਰਹੇਗੀ। ਉਨ੍ਹਾਂ ਸਮੂਹ ਆਗੂਆਂ, ਵਰਕਰਾਂ ਤੇ ਸਪੋਰਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਰੈਲੀ ਵਿਚ ਹੋਇਆ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਸੀ ਕਿ ਸੂਬੇ ਦੇ ਲੋਕ ਪੰਜਾਬ ਵਿਚ ਹੋਏ ਵਿਕਾਸ ਤੋਂ ਬਹੁਤ ਖੁਸ਼ ਹਨ।