ਆਪ ਸਰਕਾਰ ਨੇ ਚਾਰ ਸਾਲਾਂ ’ਚ ਸਾਰੇ ਵਾਅਦੇ ਕੀਤੇ ਪੂਰੇ : ਚੰਦੀ
ਆਪ ਸਰਕਾਰ ਨੇ ਚਾਰ ਸਾਲਾਂ ’ਚ ਸਾਰੇ ਵਾਅਦੇ ਕੀਤੇ ਪੂਰੇ : ਐਡਵੋਕੇਟ ਚੰਦੀ
Publish Date: Thu, 26 Mar 2026 09:06 PM (IST)
Updated Date: Thu, 26 Mar 2026 09:08 PM (IST)

ਕਿਹਾ : ਨੌਜਵਾਨਾਂ ਨੂੰ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ ਤੇ ਇਨ੍ਹਾਂ 4 ਸਾਲਾ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ, ਜੋ ਆਪ ਸਰਕਾਰ ਦੀ ਸੂਬੇ ਦੇ ਚਹੁੰਪੱਖੀ ਵਿਕਾਸ ਤੇ ਲੋਕਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵੀਰਵਾਰ ਨੂੰ ਹਲਕੇ ਦੇ ਪਿੰਡ ਲੱਖਣ ਖੁਰਦ ਵਿਖੇ ਲੋਕਾਂ ਦੇ ਇਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿਚ ਮਿਸਾਲੀ ਕਾਰਜ ਕਰਕੇ ਦਿਖਾਏ ਹਨ। ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਐਡਵੋਕੇਟ ਚੰਦੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। 4 ਸਾਲਾ ਵਿਚ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨਾਲ ਨੌਜਵਾਨਾਂ ਵਿਚ ਵਿਸ਼ਵਾਸ ਵਧਿਆ ਹੈ ਤੇ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਐਡਵੋਕੇਟ ਚੰਦੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਿਸਾਲੀ ਕਾਰਜ ਕੀਤੇ ਗਏ ਹਨ। ਇਸ ਲਈ ਜਿਥੇ 881 ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਲਈ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ। ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਕਰੀਬ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉਥੇ ਹੀ ਰਾਜ ਭਰ ਵਿਚ ਕਰੀਬ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ।ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸੜਕ ਸੁਰਖਿਆ ਫੋਰਸ ਸਥਾਪਿਤ ਕੀਤੀ ਗਈ ਹੈ, ਜਿਸ ਕਾਰਨ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਵਿਚ ਲਗਭਗ 50 ਫ਼ੀਸਦ ਦੀ ਕਮੀ ਆਈ ਹੈ ਤੇ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਹੋਣ ਵਾਲੇ 47 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਗਈ ਹੈ। ਪੰਜਾਬ ਵਿਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਐਡਵੋਕੇਟ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਤੇ ਇਸਦੇ ਤਹਿਤ ਹੀ ਸੂਬੇ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਅਮਲੀਜਾਮਾ ਪਹਿਣਾਇਆ ਜਾ ਰਿਹਾ ਹੈ।