ਨਸ਼ਿਆਂ ਨੂੰ ਖ਼ਤਮ ਕਰਨ ’ਚ ਫੇਲ੍ਹ ਰਹੀ ਆਪ ਸਰਕਾਰ : ਟਾਂਡੀ ਸੂਬੇ ਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਫੇਲ੍ਹ ਰਹੀ ਆਪ ਸਰਕਾਰ : ਕੁਲਦੀਪ ਸਿੰਘ ਟਾਂਡੀ
Publish Date: Tue, 22 Sep 2026 07:42 PM (IST)
Updated Date: Tue, 22 Sep 2026 07:45 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਆਪ ਸਰਕਾਰ ’ਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਡੇ-ਵੱਡੇ ਇਸ਼ਤਿਹਾਰਾਂ ਰਾਹੀਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਟਾਂਡੀ ਨੇ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਮਾਵਾਂ ਆਪਣੇ ਪੁੱਤਰਾਂ ਨੂੰ ਗੁਆ ਚੁੱਕੀਆਂ ਹਨ ਤੇ ਕਈ ਪਰਿਵਾਰਾਂ ਦੇ ਘਰ ਉੱਜੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਸੂਬੇ ਵਿੱਚੋਂ ਨਸ਼ਾ ਜੜ੍ਹੋਂ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ 4-5 ਸਾਲ ਬੀਤਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਉਨ੍ਹਾਂ ਕਿਹਾ ਕਿ ਨਸ਼ਾ ਅੱਜ ਵੀ ਕਈ ਇਲਾਕਿਆਂ ਵਿੱਚ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਦਾ ਸਭ ਤੋਂ ਵੱਧ ਅਸਰ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਜਾਂ ਆਮ ਨਾਗਰਿਕ ਨਸ਼ਿਆਂ ਦੀ ਸਮੱਸਿਆ ਸਬੰਧੀ ਸਰਕਾਰ ਜਾਂ ਚੁਣੇ ਹੋਏ ਨੁਮਾਇੰਦੇ ਕੋਲ ਸਵਾਲ ਉਠਾਉਂਦਾ ਜਾਂ ਸ਼ਿਕਾਇਤ ਕਰਦਾ ਹੈ ਤਾਂ ਉਸ ਦੀ ਗੱਲ ਸੁਣਨ ਦੀ ਬਜਾਏ ਉਸ ’ਤੇ ਕਾਨੂੰਨੀ ਕਾਰਵਾਈ ਤੇ ਕਥਿਤ ਤੌਰ ’ਤੇ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਬਜਾਏ ਸਰਕਾਰ ਨੂੰ ਸ਼ਿਕਾਇਤਾਂ ’ਤੇ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਇਸ਼ਤਿਹਾਰਾਂ ਜਾਂ ਅੰਕੜਿਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ਾ ਤਸਕਰੀ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੇ ਨਾਲ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਲਈ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਵੀ ਮਜ਼ਬੂਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਰਗੀਆਂ ਬੁਰੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਸਿੱਖਿਆ, ਰੁਜ਼ਗਾਰ ਤੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨੀ ਪੰਜਾਬ ਦਾ ਭਵਿੱਖ ਹੈ ਤੇ ਇਸ ਭਵਿੱਖ ਨੂੰ ਬਚਾਉਣ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਪੈਣਗੇ।