ਆਪ ਸਰਕਾਰ ਵਾਅਦਿਆਂ ਤੋਂ ਮੁਕਰੀ : ਅਮਰੀਕ ਸਿੰਘ
ਪੰਜਾਬ ਦੀ ਆਪ ਸਰਕਾਰ ਨੇ ਜਨਤਾ ਅਤੇ ਕਰਮਚਾਰੀਆਂ ਨਾਲ ਕੀਤਾ ਵਿਸ਼ਵਾਸਘਾਤ, ਵਾਅਦਿਆਂ ਤੋਂ ਮੁਕਰੀ ਸਰਕਾਰ: ਅਮਰੀਕ ਸਿੰਘ
Publish Date: Thu, 26 Feb 2026 08:52 PM (IST)
Updated Date: Thu, 26 Feb 2026 08:55 PM (IST)

ਜਨਤਾ ਤੇ ਕਰਮਚਾਰੀਆਂ ਨਾਲ ਕੀਤਾ ਵਿਸ਼ਵਾਸਘਾਤ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਰਸੀਐੱਫ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਅੱਜ ਇਕ ਵਿਸ਼ੇਸ਼ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਕਰੜਾ ਪ੍ਰਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਡੇ-ਵੱਡੇ ਲੋਕ-ਲੁਭਾਵਨੇ ਵਾਅਦੇ ਕਰਕੇ ਸੱਤਾ ਵਿਚ ਆਈ ਇਹ ਸਰਕਾਰ ਹੁਣ ਆਪਣੇ ਹਰ ਵਾਅਦੇ ਤੋਂ ਪਿਛੇ ਹਟ ਗਈ ਹੈ ਤੇ ਜਨਹਿਤਾਂ ਦੇ ਵਿਰੁੱਧ ਕੰਮ ਕਰ ਰਹੀ ਹੈ। ਅਮਰੀਕ ਸਿੰਘ ਨੇ ਵਿਸਥਾਰ ਨਾਲ ਦੱਸਿਆ ਕਿ ਚੋਣ ਪ੍ਰਚਾਰ ਸਮੇਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ, ਕਰਮਚਾਰੀਆਂ ਤੇ ਮਜ਼ਦੂਰਾਂ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕੀਤੀ ਜਾਵੇਗੀ ਤੇ ਕਿਸੇ ਵੀ ਵਰਗ ਖ਼ਿਲਾਫ਼ ਦਮਨਕਾਰੀ ਨੀਤੀ ਨਹੀਂ ਅਪਣਾਈ ਜਾਵੇਗੀ ਪਰ ਸੱਤਾ ਸੰਭਾਲਦੇ ਹੀ ਸਰਕਾਰ ਦਾ ਚਿਹਰਾ ਪੂਰੀ ਤਰ੍ਹਾਂ ਬਦਲ ਗਿਆ ਹੈ। ਅੱਜ ਪੰਜਾਬ ਦਾ ਅੰਨਦਾਤਾ ਜਦੋਂ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਦਾ ਹੈ ਤਾਂ ਸਰਕਾਰ ਗੱਲਬਾਤ ਕਰਨ ਦੀ ਬਜਾਏ ਉਨ੍ਹਾਂ ’ਤੇ ਲਾਠੀਆਂ ਵਰਸਾ ਰਹੀ ਹੈ, ਜੋ ਲੋਕਤੰਤਰ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ। ਕਰਮਚਾਰੀਆਂ ਨਾਲ ਕੀਤੇ ਧੋਖੇ ਦਾ ਜ਼ਿਕਰ ਕਰਦੇ ਹੋਏ ਯੂਨੀਅਨ ਪ੍ਰਧਾਨ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਸਰਕਾਰ ਦਾ ਸਭ ਤੋਂ ਵੱਡਾ ਚੋਣ ਹਥਿਆਰ ਸੀ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵੱਲੋਂ ਤਿੰਨ ਵਾਰ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੇ ਲੱਖਾਂ ਕਰਮਚਾਰੀਆਂ ਨੂੰ ਗੁੰਮਰਾਹ ਕੀਤਾ ਗਿਆ ਪਰ ਜ਼ਮੀਨੀ ਪੱਧਰ ’ਤੇ ਅੱਜ ਤੱਕ ਕਿਸੇ ਵੀ ਕਰਮਚਾਰੀ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਨਹੀਂ ਮਿਲਿਆ। ਇਹ ਸਾਰਾ ਮਾਮਲਾ ਸਿਰਫ਼ ਕਾਗਜ਼ੀ ਕਾਰਵਾਈ ਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਿਤ ਰਹਿ ਗਿਆ ਹੈ। ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਸਰਵ ਸਿੱਖਿਆ ਅਭਿਆਨ ਦੇ ਤਹਿਤ ਭਰਤੀ ਕੀਤੇ ਦਫ਼ਤਰੀ ਕਰਮਚਾਰੀ ਜਦੋਂ ਆਪਣੀ ਤਨਖ਼ਾਹ ਕਟੌਤੀ ਦੇ ਵਿਰੋਧ ਵਿਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਦੇ ਹਨ ਤਾਂ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ’ਤੇ ਠੰਢੇ ਪਾਣੀ ਦੀਆਂ ਵਾਛੜਾਂ ਮਰਵਾਉਂਦੀ ਹੈ। ਅਧਿਆਪਕਾਂ ਤੇ ਕਰਮਚਾਰੀਆਂ ਦਾ ਅਪਮਾਨ ਇਸ ਸਰਕਾਰ ਦੀ ਕਾਰਸ਼ੈਲੀ ਦਾ ਹਿੱਸਾ ਬਣ ਚੁੱਕਾ ਹੈ। ਮਜ਼ਦੂਰ ਵਰਗ ਵੀ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਭਲਾਈ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ। ਅੰਤ ਵਿਚ ਅਮਰੀਕ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਆਰਸੀਐੱਫ ਇੰਪਲਾਈਜ਼ ਯੂਨੀਅਨ ਪੰਜਾਬ ਦੇ ਕਿਸਾਨਾਂ ਤੇ ਕਰਮਚਾਰੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਜੇਕਰ ਸਰਕਾਰ ਨੇ ਆਪਣੀਆਂ ਦਮਨਕਾਰੀ ਨੀਤੀਆਂ ਤੁਰੰਤ ਬੰਦ ਨਾ ਕੀਤੀਆਂ ਤੇ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਵੱਡੇ ਜਨ-ਅੰਦੋਲਨ ਦਾ ਸਾਹਮਣਾ ਕਰਨਾ ਪਵੇਗਾ।