ਦਲਜੀਤ ਰਾਜੂ ਨੂੰ ‘ਆਪ’ ਨੇ ਸੌਂਪੀ ਜ਼ਿਲ੍ਹਾ ਕਪੂਰਥਲਾ ਦੀ ਕਮਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ‘ਆਪ’ ਨੇ ਸੌਂਪੀ ਜ਼ਿਲ੍ਹਾ ਕਪੂਰਥਲਾ ਦੀ ਕਮਾਨ,
Publish Date: Sun, 25 Oct 2026 07:12 PM (IST)
Updated Date: Sun, 25 Oct 2026 07:13 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ (ਆਪ) ਨੇ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕਰਕੇ ਜ਼ਿਲ੍ਹੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਦਲਜੀਤ ਰਾਜੂ ਨੂੰ ਫਗਵਾੜਾ ਤੇ ਆਸ-ਪਾਸ ਦੇ ਪਿੰਡਾਂ ਵਿੱਚ ਸਰਗਰਮ ਸਿਆਸੀ ਆਗੂ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਖ਼ਾਸ ਤੌਰ ’ਤੇ ਦਿਹਾਤੀ ਖੇਤਰਾਂ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਨਿਯੁਕਤੀ ਤੋਂ ਬਾਅਦ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਦਲਜੀਤ ਰਾਜੂ ਦੇ ਗ੍ਰਹਿ ਦਰਵੇਸ਼ ਪਿੰਡ ਪਹੁੰਚੇ ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਵੱਲੋਂ ਵੀ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਰਾਜਕੁਮਾਰ ਨੇ ਜਿੱਥੇ ਦਲਜੀਤ ਰਾਜੂ ਦਾ ਮੂੰਹ ਮਿੱਠਾ ਕਰਵਾਇਆ, ਸਿਰੋਪਾਓ ਪਾ ਕੇ ਸਨਮਾਨਤ ਕੀਤਾ, ਉੱਥੇ ਹੀ ਸਮਰਥਕਾਂ ਨੇ ਦਲਜੀਤ ਰਾਜੂ ਤੇ ਡਾ. ਚੱਬੇਵਾਲ ਨੂੰ ਨੋਟਾਂ ਦੇ ਹਾਰ ਪਹਿਨਾਏ ਤੇ ਢੋਲ ਵਜਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਦਲਜੀਤ ਰਾਜੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਸਦਕਾ ਫਗਵਾੜਾ ਖੇਤਰ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਦਲਜੀਤ ਰਾਜੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੱਡੀ ਜਿੱਤ ਦਰਜ ਕਰੇਗੀ। ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਦਲਜੀਤ ਰਾਜੂ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ ਹਨ ਤੇ ਹੁਣ ਵੀ ਦਿਨ-ਰਾਤ ਮਿਹਨਤ ਕਰਕੇ ਸੰਗਠਨ ਨੂੰ ਮਜ਼ਬੂਤ ਕਰਨਗੇ। ਦਲਜੀਤ ਰਾਜੂ ਦਾ ਹੁਣ ਤੱਕ ਦਾ ਸਿਆਸੀ ਸਫ਼ਰ ਇਸ ਨਿਯੁਕਤੀ ਨੂੰ ਹੋਰ ਅਹਿਮ ਬਣਾਉਂਦਾ ਹੈ। ਉਹ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਰਗਰਮ ਰਹੇ ਤੇ ਕਪੂਰਥਲਾ ਜ਼ਿਲ੍ਹੇ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪਰ ਪਾਰਟੀ ਵਲੋਂ ਕੋਈ ਵੱਡੀ ਤੇ ਅਹਿਮ ਜ਼ਿੰਮੇਵਾਰੀ ਨਾ ਮਿਲਣ ਦੇ ਬਾਵਜੂਦ ਉਨ੍ਹਾਂ ਨੇ ਤਨਦੇਹੀ ਨਾਲ ਪਾਰਟੀ ਲਈ ਕੰਮ ਕੀਤਾ। ਪਾਰਟੀ ਦੇ ਪ੍ਰਤੀ ਇਸ ਸਮਰਪਣ ਨੂੰ ਦੇਖਦੇ ਹੋਏ ਡਾ. ਰਾਜਕੁਮਾਰ ਚੱਬੇਵਾਲ ਨੇ ਵੀ ਕਿਹਾ ਕਿ ਦਲਜੀਤ ਰਾਜੂ ਨੂੰ ਆਉਂਦੀ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦੇ ਸਬਰ ਦਾ ਮਿੱਠਾ ਫਲ ਮਿਲਿਆ ਹੈ, ਜੋ ਕਿ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ। ਪਿੰਡਾਂ ਨਾਲ ਜੁੜਾਅ ਬਣ ਸਕਦਾ ਹੈ ਪਾਰਟੀ ਦੀ ਤਾਕਤ ਦਲਜੀਤ ਰਾਜੂ ਦੀ ਸਿਆਸੀ ਸਰਗਰਮੀ ਦਾ ਇੱਕ ਅਹਿਮ ਪੱਖ ਪਿੰਡਾਂ ਵਿੱਚ ਉਨ੍ਹਾਂ ਦਾ ਸੰਪਰਕ ਹੈ। ਦਰਵੇਸ਼ ਪਿੰਡ ਨਾਲ ਸਬੰਧਤ ਹੋਣ ਕਰਕੇ ਉਨ੍ਹਾਂ ਦੀ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ ਤੇ ਸਥਾਨਕ ਆਗੂਆਂ ਨਾਲ ਨੇੜਤਾ ਨੂੰ ਉਨ੍ਹਾਂ ਦੀ ਸਿਆਸੀ ਪੂੰਜੀ ਵਜੋਂ ਦੇਖਿਆ ਜਾਂਦਾ ਹੈ। ਪੰਜਾਬ ਦੀ ਸਿਆਸਤ ਵਿੱਚ ਪਿੰਡਾਂ ਦਾ ਜਥੇਬੰਦਕ ਨੈੱਟਵਰਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਲਈ ਜ਼ਿਲ੍ਹਾ ਪ੍ਰਧਾਨ ਵਜੋਂ ਦਲਜੀਤ ਰਾਜੂ ਦੀ ਚੋਣ ਪਾਰਟੀ ਨੂੰ ਦਿਹਾਤੀ ਖੇਤਰਾਂ ਵਿੱਚ ਆਪਣੇ ਵਰਕਰਾਂ ਨੂੰ ਇਕਜੁੱਟ ਕਰਨ, ਸਥਾਨਕ ਮੁੱਦਿਆਂ ਤੱਕ ਪਹੁੰਚ ਬਣਾਉਣ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦਾ ਮੌਕਾ ਦੇ ਸਕਦੀ ਹੈ। ਬੀਤੀ ਦੇਰ ਸ਼ਾਮ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਤੇ ਸਮਰਥਕਾਂ ਵੱਲੋਂ ਦਲਜੀਤ ਰਾਜੂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਅੱਜ ਦਿਨ ਭਰ ਜਾਰੀ ਰਿਹਾ।